38 ਵੀਆਂ ਜਰਖੜ ਖੇਡਾਂ ਦੀਆਂ ਤਿਆਰੀਆਂ ਲਈ ਅਹਿਮ ਮੀਟਿੰਗ ਅੱਜ; ਰੂਪ-ਰੇਖਾ ਹੋਵੇਗੀ ਤਿਆਰ
ਸੁਖਮਿੰਦਰ ਭੰਗੂ
ਲੁਧਿਆਣਾ 2 ਫਰਵਰੀ 2026
ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ, ਜਰਖੜ ਵੱਲੋਂ ਕਰਵਾਈਆਂ ਜਾਣ ਵਾਲੀਆਂ ਵਿਸ਼ਵ ਪ੍ਰਸਿੱਧ '38ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ' ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ 2 ਫਰਵਰੀ, ਦਿਨ ਸੋਮਵਾਰ ਨੂੰ ਸ਼ਾਮ 4 ਵਜੇ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ, ਜਰਖੜ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਸਾਬਕਾ ਏ.ਆਈ.ਜੀ.ਕਰਨਗੇ। ਇਸ ਸਾਲ ਇਹ ਮਿੰਨੀ ਓਲੰਪਿਕ ਖੇਡਾਂ 13, 14 ਅਤੇ 15 ਫਰਵਰੀ 2026 ਨੂੰ ਬੜੀ ਧੂਮ-ਧਾਮ ਨਾਲ ਕਰਵਾਈਆਂ ਜਾ ਰਹੀਆਂ ਹਨ। ਅੱਜ ਦੀ ਮੀਟਿੰਗ ਦੌਰਾਨ ਖੇਡਾਂ ਦੇ ਸਫਲ ਆਯੋਜਨ ਲਈ ਵੱਖ-ਵੱਖ ਪ੍ਰਬੰਧਾਂ 'ਤੇ ਚਰਚਾ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ ਖੇਡਾਂ ਦੇ ਵਰਗਾਂ ਦੀ ਚੋਣ, ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਸਨਮਾਨ ਅਤੇ ਸਟੇਡੀਅਮ ਦੇ ਹੋਰ ਪ੍ਰਬੰਧਕੀ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕਰਕੇ ਅੰਤਿਮ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਅਤੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਮੀਟਿੰਗ ਵਿੱਚ ਸਮੇਂ ਸਿਰ ਪਹੁੰਚ ਕੇ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਖੇਡਾਂ ਨੂੰ ਹਮੇਸ਼ਾ ਦੀ ਤਰ੍ਹਾਂ ਯਾਦਗਾਰੀ ਬਣਾਇਆ ਜਾ ਸਕੇ।