66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ‘ਚ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਅੱਜ
ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਵਿਧਾਇਕ ਸ਼ਰਧਾਂਜਲੀ ਭੇਂਟ ਕਰਨਗੇ - ਡਾ ਪੱਲਵੀ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਐਸ.ਐਸ.ਪੀ ਦੀ ਸਰਧਾਲੂਆਂ ਨੂੰ ਅਪੀਲ ਕਿ ਉਹ ਪੁਲਿਸ ਨੂੰ ਪੂਰਨ ਤੌਰ ਤੇ ਸਹਿਯੋਗ ਦੇਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 17 ਜਨਵਰੀ :2025- 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ‘ਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਦੀ ਯਾਦ ’ਚ 17 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ।ਇਸ ਰਾਜ ਪੱਧਰੀ ਸਮਾਗਮ ਵਿੱਚ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ,ਜਲ ਸਪਲਾਈ ਤੇ ਸੈਨੀਟੇਸ਼ਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਸਿਰਕਤ ਕਰਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਨਗੇ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸ਼ਹੀਦੀ ਸਮਾਰਕ ਵਿਖੇ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਸਮੇਂ ਦਿੱਤੀ ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਕਮ ਐਸ.ਡੀ.ਐਮ.ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਵੈਭਵ ਸਹਿਗਲ, ਡੀ.ਐਸ.ਪੀ.(ਸਥਾਨਕ)ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ (ਸਪੈਸ਼ਲ) ਰਣਜੀਤ ਸਿੰਘ,ਡੀ.ਐਸ.ਪੀ.ਸਤਿਸ ਕੁਮਾਰ, ਡੀ.ਐਸ.ਪੀ.ਦਵਿੰਦਰ ਸਿੰਘ,ਡੀ.ਐਸ.ਪੀ. ਕੁਲਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਇਸ ਮੌਕੇ ਪ੍ਰਧਾਨ ਕਮ ਚੇਅਰਮੈਨ ਨਾਮਧਾਰੀ ਸ਼ਹੀਦੀ ਸਮਾਰਕ ਸੁਰਿੰਦਰ ਸਿੰਘ ਨਾਮਧਾਰੀ, ਗੁਰਸੇਵਕ ਸਿੰਘ ਨਾਮਧਾਰੀ ਵੀ ਮੌਜੂਦ ਸਨ ।
ਪ੍ਰਬੰਧਾਂ ਦਾ ਜਾਇਜਾਂ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਇਸ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਅਤੇ ਨਤਮਸਤਕ ਹੋਣ ਦੀ ਉਮੀਦ ਜਾਹਿਰ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਨਿਰਵਿਘਨ ਆਵਾਜਾਈ ਦੇ ਪ੍ਰਬੰਧ ਅਤੇ ਸੁਰੱਖਿਆ ਦੇ ਪੁਖੱਤਾ ਪ੍ਰਬੰਧ ਕਰਨ ਲਈ ਕਿਹਾ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਸਮਾਰੋਹ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਸਮੂਹ ਪ੍ਰਬੰਧ ਧਾਰਮਿਕ ਭਾਵਨਾ ਅਤੇ ਸ਼ਰਧਾ ਨਾਲ ਨੇਪਰੇ ਚਾੜ੍ਹਨ ਲਈ ਕਿਹਾ ।
ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਹੋਰ ਕਿਹਾ ਕਿ ਸਮੁੱਚੀ ਪੁਲਿਸ ਫੋਰਸ ਨੂੰ ਪਹਿਲਾਂ ਹੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨਾਲ ਪੂਰਨ ਨਿਮਰਤਾ ਵਾਲਾ ਰਵੱਈਆ ਅਪਣਾਉਂਦੇ ਹੋਏ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਕਰਦੇ ਹੋਏ ਪੁਲੀਸਿੰਗ ਦੀ ਮਿਸਾਲ ਕਾਇਮ ਕਰਨ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ ।