ADC ਨੇ ਨਸ਼ਾ ਮੁਕਤੀ ਮੁਹਿੰਮ ਵਿੱਚ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਮੰਗਿਆ
4 ਮਈ ਨੂੰ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ ,7 ਮਈ ਤੋਂ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੀਤੇ ਜਾਣਗੇ ਵਿਸ਼ੇਸ਼ ਪ੍ਰੋਗਰਾਮ
ਰੋਹਿਤ ਗੁਪਤਾ
ਗੁਰਦਾਸਪੁਰ, 29 ਅਪ੍ਰੈਲ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 'ਨਸ਼ਾ ਛੁਡਾਊ ਯਾਤਰਾ' ਸ਼ੁਰੂ ਕੀਤੀ ਜਾ ਰਹੀ ਹੈ। ਨਸ਼ਾ ਛੁਡਾਊ ਯਾਤਰਾ ਤਹਿਤ ਰਾਜ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡ ਅਤੇ ਵਾਰਡ ਪੱਧਰ ਤੱਕ ਲਿਜਾਇਆ ਜਾਵੇਗਾ। ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ਾ ਛੁਡਾਊ ਯਾਤਰਾ ਨੂੰ ਕਾਮਯਾਬ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹੇ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਹੈ ਜਿਸ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦਾ ਸਾਥ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 7 ਮਈ ਤੋਂ ਸੂਬੇ ਵਿੱਚ ਸ਼ੁਰੂ ਹੋਣ ਜਾ ਰਹੀ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਦਾ ਆਯੋਜਿਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਕੈਬਨਿਟ ਮੰਤਰੀ, ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਿੱਸਾ ਲੈਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਉੱਪਰ ਸਵੇਰੇ-ਸ਼ਾਮ ਰੋਜ਼ਾਨਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਪੀੜ੍ਹਤ ਵਿਅਕਤੀ ਦਾ ਪਤਾ ਲੱਗਦਾ ਹੈ ਤਾਂ ਉਸਨੂੰ ਇਲਾਜ ਲਈ ਨੇੜੇ ਦੇ ਓਟ ਕੇਂਦਰ ਜਾਂ ਸਰਕਾਰੀ ਹਸਪਤਾਲ ਲਿਜਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਨਸ਼ੇ ਦਾ ਇਲਾਜ ਬਿਲਕੁੱਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਵਲ ਹਸਪਤਾਲ ਗੁਰਦਾਸਪੁਰ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਰਾਹੁਲ ਦੇ ਮੋਬਾਈਲ ਨੰਬਰ 98783-64398 ਜਾਂ ਬਟਾਲਾ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਡੇਵਿਡ ਗਿੱਲ ਦੇ ਨੰਬਰ 98760-73836 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਛੁਡਾਊ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਨੁੱਕੜ ਨਾਟਕ, ਸੈਮੀਨਾਰ ਤੇ ਵਿਚਾਰ ਗੋਸ਼ਟੀਆਂ ਵੀ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰੋਜ਼ਾਨਾਂ ਸਕੂਲਾਂ ਵਿੱਚ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਆਪਣੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗਾ।
ਮੀਟਿੰਗ ਦੌਰਾਨ ਹਾਜ਼ਰ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਜ਼ਿਲ੍ਹੇ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਇਸ ਮੁਹਿੰਮ ਵਿੱਚ ਆਪਣਾ ਪੂਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਲਈ ਤਿਆਰ ਹਨ।
ਮੀਟਿੰਗ ਵਿੱਚ ਗੁਰਮੀਤ ਸਿੰਘ ਬਾਜਵਾ, ਪਵਨ ਸ਼ਰਮਾ, ਸਨਾਤਨ ਜਾਗਰਨ ਮੰਚ, ਮਨੋਜ ਕੁਮਾਰ ਪ੍ਰਧਾਨ ਕ੍ਰਿਸ਼ਨਾ ਮੰਦਰ ਕਾਦੀਆਂ, ਗੁਰਪ੍ਰੀਤ ਸਿੰਘ ਰਾਧਾ ਸੁਆਮੀ ਸਤਿਸੰਗ ਘਰ, ਭਾਰਤ ਵਿਕਾਸ ਪ੍ਰੀਸ਼ਦ ਤੋਂ ਇੰਦਰਜੀਤ ਸਿੰਘ ਬਾਜਵਾ (ਸਾਬਕਾ ਸਿੱਖਿਆ ਅਧਿਕਾਰੀ), ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ।