ADC ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਕੀਤੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ, 16 ਮਾਰਚ - ਸਿੱਖਿਆ ਮੰਤਰੀ ਪੰਜਾਬ ਸਰਕਾਰ ਸ੍ਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਦੇ ਮਕਸਦ ਤਹਿਤ ਸਿੱਖਿਆ ਵਿਭਾਗ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਜਾਗਰੂਕਤਾ ਵੈਨ ਚਲਾਈ ਗਈ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਹ ਦਾਖਲਾ ਮੁਹਿੰਮ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਸਾਰੇ 19 ਸਿੱਖਿਆ ਬਲਾਕਾਂ ਵਿੱਚ ਜਾਵੇਗੀ, ਜਿਸ ਦਾ ਰੋਜ਼ਾਨਾ ਵੱਖ-ਵੱਖ ਬਲਾਕਾਂ ਵੱਲੋਂ ਸਵਾਗਤ ਕੀਤਾ ਜਾਵੇਗਾ ਅਤੇ ਵੈਨ ਨੂੰ ਅੱਗੇ ਪਿੰਡਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੈਨ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਯੋਗ ਅਧਿਆਪਕਾਂ ਦੇ ਨਾਲ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ ਜਿਸ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।
ਦਾਖਲਾ ਮੁਹਿੰਮ ਵੈਨ ਦੀ ਰਵਾਨਗੀ ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਜਾਗਰੂਕਤਾ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਜੋ ਜਾਗਰੂਕਤਾ ਵੈਨ ਵੱਲੋਂ ਵੰਡਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਸਿੱਖਿਆ ਦੇ ਦਾਖਲਾ ਮੁਹਿੰਮ ਨੋਡਲ ਅਫ਼ਸਰ ਕ੍ਰਮਵਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਗੁਰਦਾਸਪੁਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਅਵਾਰਡੀ) ਗੁਰਦਾਸਪੁਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਗੁਰਦਾਸਪੁਰ ਸ੍ਰੀਮਤੀ ਪਰਮਜੀਤ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਗੁਰਦਾਸਪੁਰ, ਡਾ. ਸ਼੍ਰੀ ਅਨਿਲ ਸ਼ਰਮਾ ਤੇ ਸਮੂਹ ਸਟਾਫ਼ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਗੁਰਦਾਸਪੁਰ ਹਾਜ਼ਰ ਸਨ।