ADC ਵੱਲੋਂ ਬੀ.ਡੀ.ਪੀ.ਓ. ਦਫ਼ਤਰ ਗੁਰਦਾਸਪੁਰ ਦੀ ਚੈਕਿੰਗ
ਬੀ.ਡੀ.ਪੀ.ਓ. ਗੁਰਦਾਸਪੁਰ ਸਮੇਤ ਸਮੁੱਚਾ ਸਟਾਫ਼ ਗੈਰ-ਹਾਜ਼ਰ ਪਾਇਆ ਗਿਆ,ਗੈਰ ਹਾਜ਼ਰ ਅਧਿਕਾਰੀ ਅਤੇ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 14 ਫਰਵਰੀ 2025 : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗੁਰਦਾਸਪੁਰ ਦੇ ਦਫ਼ਤਰ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੀ.ਡੀ.ਪੀ.ਓ. ਗੁਰਦਾਸਪੁਰ ਸਮੇਤ ਸਮੁੱਚਾ ਸਟਾਫ਼ ਗੈਰ-ਹਾਜ਼ਰ ਪਾਇਆ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓ. ਸਮੇਤ ਗੈਰ ਹਾਜ਼ਰ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਚੈਕਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮੇਂ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਸਵੇਰੇ 9:10 ਵਜੇ ਬੀ.ਡੀ.ਪੀ.ਓ. ਦਫ਼ਤਰ ਗੁਰਦਾਸਪੁਰ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਬੀ.ਡੀ.ਪੀ.ਓ. ਗੁਰਦਾਸਪੁਰ ਸਮੇਤ ਦਫ਼ਤਰ ਦਾ ਸਮੁੱਚਾ ਸਟਾਫ਼ ਗੈਰ-ਹਾਜ਼ਰ ਸੀ। ਦਫ਼ਤਰ ਵਿੱਚ ਉਸ ਸਮੇਂ ਸਿਰਫ਼ ਇੱਕ ਮਨਰੇਗਾ ਵਰਕਰ ਹੀ ਹਾਜ਼ਰ ਸੀ। ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓ. ਸਮੇਤ ਗੈਰ ਹਾਜ਼ਰ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਉਨ੍ਹਾਂ ਦੇ ਜੁਆਬ ਤਸੱਲੀ ਬਖ਼ਸ਼ ਨਾ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਤਾਇਨਾਤ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਪਹੁੰਚ ਕੇ ਲੋਕਾਂ ਦੇ ਮਸਲਿਆਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਆਮ ਨਾਗਰਿਕਾਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਤੇ ਔਰਤਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਲੇਟ-ਲਤੀਫ਼ੀ ਬਿਲਕੁਲ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।