Big Breaking: ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਡਾ. ਹਿਮਾਂਸ਼ੂ ਅਗਰਵਾਲ ਅਤੇ ਵਰਜੀਤ ਵਾਲੀਆ ਨੇ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਕਰਵਾਏ ਜਾ ਰਹੇ ਇਤਿਹਾਸਿਕ ਸੈਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ , 19 ਨਵੰਬਰ 2025- ਮਹਾਨ ਸਿੱਖ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਇਹ ਇਤਿਹਾਸਿਕ ਸੈਸ਼ਨ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ, ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਸਮੇਤ ਸੈਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦਾ ਹਿੱਸਾ ਹੈ। ਡਾ.ਹਿਮਾਂਸ਼ੂ ਅਗਰਵਾਲ ਅਤੇ ਵਰਜੀਤ ਵਾਲੀਆ ਵਲੋਂ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਿਤ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਜਲੰਧਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਵਿਸਥਾਰਤ ਯੋਜਨਾਬੰਦੀ ਕੀਤੀ ਜਾ ਚੁੱਕੀ ਹੈ ਅਤੇ ਭਾਰੀ ਜੈਤਾ ਮੈਮੋਰੀਅਲ ਦਾ ਪੂਰਾ ਖੇਤਰ, ਜਿਥੇ ਵਿਧਾਨ ਸਭਾ ਦਾ ਸੈਸ਼ਨ ਹੋਣਾ ਹੈ, ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਡਾ.ਹਿਮਾਂਸ਼ੂ ਅਗਰਵਾਲ ਅਤੇ ਵਰਜੀਤ ਸਿੰਘ ਨੇ ਦੱਸਿਆ ਕਿ ਸੁਚਾਰੂ ਅਤੇ ਨਿਰਵਿਘਨ ਪ੍ਰਬੰਧ ਯਕੀਨੀ ਬਣਾਉਣ ਲਈ ਸੀਨੀਅਰ ਅਧਿਕਾਰੀਆਂ ਨੂੰ ਸੈਕਟਰ ਇੰਚਾਰਜਾਂ ਵਜੋਂ ਨਿਯੁਕਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਜਲੰਧਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਈ ਜਾਵੇ ਤਾਂ ਜੋ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਿੰਦਗੀ ਵਿੱਚ ਇਕ ਵਾਰ ਮਿਲਣ ਵਾਲਾ ਮੌਕਾ ਹੈ, ਇਸ ਲਈ ਅਧਿਕਾਰੀਆ ਨੂੰ ਚਾਹੀਦਾ ਹੈ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਨਾਲ ਨਿਭਾਉਣ। ਡਾ. ਹਿਮਾਂਸ਼ੂ ਅਗਰਵਾਲ ਅਤੇ ਵਰਜੀਤ ਵਾਲੀਆ ਨੇ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਇਸ ਇਤਿਹਾਸਿਕ ਅਤੇ ਯਾਦਗਾਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।