ਸਿਲੰਡਰ ਫਟਣ ਕਾਰਨ ਭਿਆਨਕ ਧਮਾਕਾ; ਘਰ ਦੀ ਛੱਤ ਉੱਡੀ, ਕਈ ਘਰਾਂ ਨੂੰ ਆਈਆਂ ਤਰੇੜਾਂ
ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ ਕਾਰਨ ਇਲਾਕੇ ਵਿੱਚ ਦਹਿਸ਼ਤ; ਜਾਨੀ ਨੁਕਸਾਨ ਤੋਂ ਰਿਹਾ ਬਚਾਅ
Babushahi Network
ਫਰੀਦਕੋਟ 14 ਫਰਵਰੀ 2026: ਫਰੀਦਕੋਟ ਦੇ ਨੇੜਲੇ ਪਿੰਡ ਬੁਰਜ ਮਸਤਾਂ ਵਿੱਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਘਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਇਹ ਧਮਾਕਾ ਇੰਨਾ ਭਿਆਨਕ ਸੀ ਕਿ ਜਿਸ ਘਰ ਵਿੱਚ ਸਿਲੰਡਰ ਫਟਿਆ, ਉਸ ਦੀ ਛੱਤ ਪੂਰੀ ਤਰ੍ਹਾਂ ਉੱਡ ਗਈ ਅਤੇ ਆਲੇ-ਦੁਆਲੇ ਦੇ ਕਈ ਘਰਾਂ ਦੀਆਂ ਕੰਧਾਂ ਵਿੱਚ ਵੀ ਤਰੇੜਾਂ ਆ ਗਈਆਂ।
ਸਿਲੰਡਰ ਫਟਣ ਤੋਂ ਤੁਰੰਤ ਬਾਅਦ ਘਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਵਿੱਚ ਦਹਿਸ਼ਤ ਫੈਲ ਗਈ ਅਤੇ ਆਸ-ਪਾਸ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਧਮਾਕੇ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ ਅਤੇ ਇਮਾਰਤ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਾਰੇ ਮੈਂਬਰ ਸੁਰੱਖਿਅਤ ਦੱਸੇ ਜਾ ਰਹੇ ਹਨ।
ਪੁਲਿਸ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਚੁੱਕਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਸਿਲੰਡਰ ਫਟਣ ਦਾ ਮੁੱਖ ਕਾਰਨ ਕੀ ਸੀ?