ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ
ਸਰਕਾਰ ਨੇ ਝੋਨੇ ਦੀ ਫ਼ਸਲ ਲਈ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ
ਰੋਹਿਤ ਗੁਪਤਾ
ਗੁਰਦਾਸਪੁਰ, 14 ਅਗਸਤ

ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀਤੀ ਜਾਵੇ ਅਤੇ ਖ਼ਰੀਫ਼ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ 'ਤੇ ਹੀ ਵਢਾਈ ਜਾਵੇ ਤਾਂ ਉਸ ਵਿੱਚ ਨਮੀਂ ਦੀ ਮਾਤਰਾ ਸਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2389/- ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਜੇਕਰ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣਗੇ ਤਾਂ ਉਨ੍ਹਾਂ ਨੂੰ ਆਪਣੀ ਜਿਨਸ ਦਾ ਪੂਰਾ ਮੁੱਲ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸੁੱਕੀ ਫ਼ਸਲ ਲਿਆਉਣ ਲਈ ਜਾਗਰੂਕ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੰਬਾਈਨ ਓਪਰੇਟਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਝੋਨੇ ਦੀ ਕਟਾਈ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫ਼ਸਲ ਦੀ ਕਟਾਈ ਕਰਵਾਉਣ।