DC ਵੱਲੋਂ ਲੱਧੇਵਾਲੀ ਫਲਾਈਓਵਰ ਦਾ ਦੌਰਾ: ਪੁਲ ਤੋਂ ਲੰਘਦੀਆਂ ਹਾਈਟੈਂਸ਼ਨ ਤਾਰਾਂ ਦੀ ਉਚਾਈ ਵਧਾਉਣ ਦੀ ਕੀਤੀ ਹਦਾਇਤ
ਜਲੰਧਰ, 5 ਮਾਰਚ 2025: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੱਧੇਵਾਲੀ ਫਲਾਈਓਵਰ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਜਿੱਥੇ ਅਧਿਕਾਰੀਆਂ ਨੂੰ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੀ ਹਦਾਇਤ ਕੀਤੀ, ਉੱਥੇ ਪੁਲ ਤੋਂ ਲੰਘਦੀਆਂ ਹਾਈਟੈਂਸ਼ਨ ਤਾਰਾਂ ਦਾ ਵੀ ਜਾਇਜ਼ਾ ਲਿਆ।
ਐਸ.ਡੀ.ਐਮ. ਰਣਦੀਪ ਸਿੰਘ ਹੀਰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨਾਲ ਫਲਾਈਓਵਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਤਾਰਾਂ ਨੂੰ ਉੱਚਾ ਚੁੱਕ ਕੇ ਪੁਲ ’ਤੇ ਵੱਡੇ ਵਾਹਨਾਂ ਦੀ ਆਵਾਜਾਈ ਨੂੰ ਨਿਰਵਿਘਨ ਬਣਾਉਣ ਲਈ ਸੰਭਾਵਿਤ ਹਲ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਹਾਈਟੈਂਸ਼ਨ ਤਾਰਾਂ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਾਰਾਂ ਦੀ ਉਚਾਈ ਵਧਾਉਣ ਲਈ ਜ਼ਰੂਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਵੱਡੇ ਵਾਹਨਾਂ ਦੀ ਆਵਾਜਾਈ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ।
ਅਧਿਕਾਰੀਆਂ ਨੇ ਡਾ. ਅਗਰਵਾਲ ਨੂੰ ਦੱਸਿਆ ਕਿ ਕਿ ਹਾਈਟੈਂਸ਼ਨ ਤਾਰਾਂ ਨੂੰ ਉੱਚਾ ਚੁੱਕਣ ਲਈ ਨਵਾਂ ਟਾਵਰ ਸਥਾਪਤ ਕਰਨ ਤੋਂ ਇਲਾਵਾ ਆਰ.ਓ.ਬੀ. ਹੇਠਾਂ ਸਰਵਿਸ ਲੇਨ ਨੂੰ ਚੌੜਾ ਕੀਤਾ ਜਾਣਾ ਹੈ, ਜਿਸ ਦੇ ਲਈ ਜਗ੍ਹਾ ਐਕਵਾਇਰ ਕੀਤੀ ਜਾਣੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਤਾਰਾਂ ਨੂੰ ਉੱਚਾ ਚੁੱਕਣ ਲਈ ਤੁਰੰਤ ਬਣਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੱਧੇਵਾਲੀ ਫਲਾਈਓਵਰ ’ਤੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।