MC ਜਲੰਧਰ ਤੇ NHAI ਨੂੰ ਸਾਂਝੇ ਸਰਵੇਖਣ ਦੇ DC ਨੇ ਦਿੱਤੇ ਹੁਕਮ
ਡਿਪਟੀ ਕਮਿਸ਼ਨਰ ਨੇ ਪਾਣੀ ਜਮ੍ਹਾ ਹੋਣ ਤੋਂ ਰੋਕਣ ਲਈ ਡਰੇਨੇਜ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਜਲੰਧਰ ਤੇ ਐਨ.ਐਚ.ਏ.ਆਈ. ਨੂੰ ਸਾਂਝੇ ਸਰਵੇਖਣ ਦੇ ਦਿੱਤੇ ਹੁਕਮ
ਐਨ.ਐਚ.ਏ.ਆਈ. ਨੂੰ ਧੁੰਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਬਲੈਕ/ਬਲਾਈਂਡ ਸਪਾਟਸ ਠੀਕ ਕਰਨ ਦੇ ਨਿਰਦੇਸ਼ ਵੀ ਦਿੱਤੇ
ਜਲੰਧਰ, 17 ਨਵੰਬਰ 2025-: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਐਨ.ਐਚ.ਏ.ਆਈ. ਅਤੇ ਜਲੰਧਰ ਨਗਰ ਨਿਗਮ ਨੂੰ ਨੈਸ਼ਨਲ ਹਾਈਵੇ ਦੇ ਨਾਲ-ਨਾਲ ਮਾਨਸੂਨ ਦੌਰਾਨ ਪਾਣੀ ਜਮ੍ਹਾ ਦੀ ਸਮੱਸਿਆ ਦੇ ਹੱਲ ਕਰਨ ਲਈ ਸਾਂਝਾ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਸਮੇਤ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰੀ ਬਾਰਸ਼ ਕਾਰਨ ਵੱਡੇ ਪੱਧਰ 'ਤੇ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਉਨ੍ਹਾਂ ਮਜ਼ਬੂਤ ਨਿਕਾਸੀ ਪ੍ਰਣਾਲੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਵਿਭਾਗਾਂ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਂਹ ਦੇ ਪਾਣੀ ਦੀ ਪ੍ਰਭਾਵਸ਼ਾਲੀ ਨਿਕਾਸੀ ਯਕੀਨੀ ਬਣਾਉਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ. ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ ਹਾਈਵੇ 'ਤੇ ਬਲੈਕ ਜਾਂ ਬਲਾਈਂਡ ਸਪਾਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਠੀਕ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਜਿਹੇ ਸਥਾਨ ਅਕਸਰ ਹਾਦਸਿਆਂ ਲਈ ਹੌਟਸਪੌਟ ਬਣ ਜਾਂਦੇ ਹਨ। ਐਨ.ਐਚ.ਏ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਐਸ.ਕੇ. ਮਿਸ਼ਰਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਅਜਿਹੇ 12 ਸਪਾਟਸ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਨੂੰ ਠੀਕ ਕਰ ਦਿੱਤਾ ਜਾਵੇਗਾ।
ਤਾਲਮੇਲ ਵਾਲੇ ਯਤਨਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਸਾਰੀਆਂ ਧਿਰਾਂ ਨੂੰ ਰਾਸ਼ਟਰੀ ਰਾਜਮਾਰਗ ਨੂੰ ਸੁਰੱਖਿਅਤ, ਨਿਰਵਿਘਨ ਅਤੇ ਯਾਤਰੀਆਂ ਲਈ ਸੁਵਿਧਾਜਨਕ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।