ਵਿਧਾਇਕ ਕੁਲਵੰਤ ਸਿੰਘ ਨੇ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ:
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਫੇਜ਼-11 ਦੇ ਵਾਰਡ ਨੰਬਰ 16 ਦੇ ਸਪੋਰਟਸ ਕੰਪਲੈਕਸ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਇਸ ਮੁਹਿੰਮ ਤਹਿਤ ਗੁਰਦੁਆਰਾ ਸਿੰਘ ਸਭਾ ਫੇਜ਼-11 ਤੋਂ ਸ਼ਰਧਾਲੂਆਂ ਦਾ ਇੱਕ ਜੱਥਾ ਤੀਰਥ ਯਾਤਰਾ ਕਰ ਚੁੱਕਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਯਾਤਰੀ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਵਾਲਮੀਕੀ ਮੰਦਰ, ਰਾਮ ਤੀਰਥ ਅਤੇ ਵਾਘਾ ਬਾਰਡਰ ਆਦਿ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਮੋਹਾਲੀ ਪਰਤਣਗੇ। ਇਸ ਤੋਂ ਬਾਅਦ ਇਹ ਬੱਸ ਦੁਬਾਰਾ ਹੋਰ 40 ਯਾਤਰੀਆਂ ਨੂੰ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਹੋਰਨਾਂ ਸੂਬਿਆਂ ਨਾਲੋਂ ਪਹਿਲਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਲਗਭਗ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਆਗਾਮੀ ਬਜਟ ਸੈਸ਼ਨ ਦੌਰਾਨ ਸ਼ੁਰੂ ਕੀਤੀ ਜਾਵੇਗੀ।
ਵਿਧਾਇਕ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ, 600 ਯੂਨਿਟ ਬਿੱਲ ਤੱਕ ਘਰੇਲੂ ਬਿਜਲੀ ਮੁਆਫ ਕੀਤੀ ਗਈ ਹੈ, ਸਕੂਲਾਂ ਵਿੱਚ ਲੋੜੀਂਦਾ ਸਟਾਫ ਭਰਿਆ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਸਿੱਖਣ ਲਈ ਵਿਦੇਸ਼ ਦੌਰਿਆਂ ‘ਤੇ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਦੁਬਾਰਾ ਰੰਗਲਾ ਬਣਾਉਣ ਲਈ ਵੱਡੇ ਪੱਧਰ ‘ਤੇ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਆਉਣ-ਜਾਣ ਲਈ ਮੁਫ਼ਤ ਏ.ਸੀ. ਬੱਸਾਂ, ਰਹਿਣ ਲਈ ਏ.ਸੀ. ਕਮਰੇ, ਤਿੰਨ ਵਾਰ ਖਾਣਾ, ਦੋ ਵਾਰ ਚਾਹ ਅਤੇ ਸਨੈਕਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਹਰ ਬੱਸ ਵਿੱਚ ਇੱਕ ਸਹਾਇਕ ਅਤੇ ਡਾਕਟਰੀ ਟੀਮ ਵੀ ਮੌਜੂਦ ਰਹੇਗੀ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਸੀਨੀਅਰ ਸਿਟੀਜ਼ਨਾਂ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਸੂਬੇ ਭਰ ਦੇ ਬਜ਼ੁਰਗਾਂ ਵਿੱਚ ਇਸ ਪ੍ਰਤੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਉਪਰਾਲਿਆਂ ਨਾਲ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ।
ਇਸ ਮੌਕੇ ਡਾ. ਸਨੀ ਆਹਲੂਵਾਲੀਆ (ਚੇਅਰਮੈਨ ਪੰਜਾਬ ਸੀਵਰੇਜ ਬੋਰਡ), ਸਟੇਟ ਅਵਾਰਡੀ ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਰਣਜੀਤ ਸਿੰਘ ਢਿੱਲੋਂ, ਅਸ਼ੋਕ ਕੁਮਾਰ, ਉਪਕਾਰ ਸਿੰਘ, ਜਗਦੀਸ਼ ਸਿੰਘ ਸਰਾਓ, ਹਰਜੀਤ ਸਿੰਘ, ਹਰਪਾਲ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਸੰਧੂ, ਰਘਵੀਰ ਸਿੰਘ ਮਾਨ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਕੇਸਰ ਸਿੰਘ, ਰਣਜੀਤ ਗਰਚਾ, ਜਸਵੀਰ ਕੌਰ, ਹਰਵਿੰਦਰ ਕੌਰ ਅਤੇ ਬਲਵਿੰਦਰ ਕੌਰ ਆਦਿ ਹਾਜ਼ਰ ਸਨ।