MLA ਗਰੇਵਾਲ ਵੱਲੋਂ ਡਿਪਟੀ ਕਮਿਸ਼ਨਰ ਜੈਨ ਨਾਲ ਵਿਸ਼ੇਸ਼ ਮੀਟਿੰਗ ਹਲਕਾ ਪੂਰਬੀ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਸੁਖਮਿੰਦਰ ਭੰਗੂ
ਲੁਧਿਆਣਾ 17 ਅਪਰੈਲ 2025 - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਡਿਪਟੀ ਕਮਿਸ਼ਨਰ ਜੈਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕਾ ਪੂਰਬੀ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ, ਐਸ.ਡੀ.ਐਮ. ਪੂਰਬੀ ਜਸਲੀਨ ਕੌਰ ਭੁੱਲਰ ਤੋਂ ਇਲਾਵਾ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਪੀ.ਡਬਲਊ.ਡੀ., ਐਨ.ਐਚ.ਏ.ਆਈ., ਸਿਹਤ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਭੋਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਲਕਾ ਪੂਰਬੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਸਬੰਧੀ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹਲਕਾ ਪੂਰਬੀ ਅੰਦਰ ਜੋ ਪਹਿਲਾਂ ਤੋਂ ਵਿਕਾਸ ਕਾਰਜ ਚੱਲ ਰਹੇ ਹਨ ਉਹਨਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਹਲਕੇ ਦੇ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਨਵੇਂ ਪ੍ਰੋਜੈਕਟਾਂ ਦੀ ਵੀ ਸ਼ੁਰੂਆਤ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਚੋਣਾਂ ਦੌਰਾਨ ਹਲਕੇ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।