MLA ਗੁਰਦੀਪ ਸਿੰਘ ਰੰਧਾਵਾ ਨੇ ਚਲਾਇਆ ਸਫ਼ਾਈ ਅਭਿਆਨ
ਪੰਜਾਬ ਸਰਕਾਰ ਵੱਲੋਂ ਹਰ ਹੜ੍ਹ ਪੀੜਤ ਨੂੰ ਦਿੱਤਾ ਜਾਵੇਗਾ ਯੋਗ ਮੁਆਵਜ਼ਾ - ਗੁਰਦੀਪ ਸਿੰਘ ਰੰਧਾਵਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਸਤੰਬਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਆਪਣੇ ਸਾਥੀਆਂ ਦੇ ਨਾਲ ਹੜ੍ਹ ਪ੍ਰਭਾਵਿਤ ਸਰਕਾਰੀ ਐਲੀਮੈਂਟਰੀ ਸਕੂਲ ਪੱਖੋਕੇ ਟਾਹਲੀ ਸਾਹਿਬ ਦੀ ਸਫ਼ਾਈ ਕੀਤੀ ਗਈ ਤਾਂ ਜੋ ਇਸ ਸਕੂਲ ਵਿੱਚ ਮੁੜ ਕਲਾਸਾਂ ਸ਼ੁਰੂ ਕੀਤੀਆਂ ਜਾ ਸਕਣ। ਇਸ ਤੋਂ ਬਾਅਦ ਵਿਧਾਇਕ ਸ. ਰੰਧਾਵਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਹੜ੍ਹਾਂ ਨਾਲ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਹਲਕਾ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਜੋ ਜਲਦੀ ਹੀ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜ਼ੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਫ਼ਸਲ 100 ਫ਼ੀਸਦੀ ਬਰਬਾਦ ਹੋ ਗਈ ਹੈ, ਉੱਥੇ ਇਹ ਪ੍ਰਕਿਰਿਆ ਸਿਰਫ਼ ਇਕ ਮਹੀਨੇ ਵਿੱਚ ਪੂਰੀ ਕਰ ਲਈ ਜਾਵੇਗੀ ਅਤੇ ਤੁਰੰਤ ਬਾਅਦ ਚੈੱਕ ਸੌਂਪਣੇ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਪੂਰਾ ਘਰ ਢਹਿ ਗਿਆ ਹੈ, ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਜਿਨ੍ਹਾਂ ਲੋਕਾਂ ਦੇ ਪਸੂ ਹੜ੍ਹਾਂ ਵਿੱਚ ਵਹਿ ਗਏ ਸਨ ਜਾਂ ਮਰ ਗਏ ਸਨ, ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ।