ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਜ਼ਰੀਏ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ
ਰੋਹਿਤ ਗੁਪਤਾ
ਬਟਾਲਾ, 17 ਮਾਰਚ . ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਲਗਾਤਾਰ ਹਲਕਾ ਵਾਸੀਆਂ ਨੂੰ ਮਿਲ ਕੇ ਉਨਾਂ ਦੀਆਂ ਮੁਸਕਿਲਾਂ ਸੁਣਕੇ ਨਿਪਟਾਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਬਟਾਲਾ ਅੰਦਰ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਲਈ ਵਿਸ਼ੇਸ ਯਤਨ ਜਾਰੀ ਹਨ। ਸੜਕਾਂ ਨੂੰ ਚੌੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਜਾ ਰਿਹਾ ਹੈ।
ਇਸ਼ ਮੌਕੇ ਉਨਾਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਮੰਤਵ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਮੁਹਿੰਮ ਬਾਰੇ ਗੱਲ ਕਰਦਿਆਂ ਦੱਸਿਆ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵਿਭਾਗ ਵਲੋਂ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਅਤੇ ਸਰਕਾਰ ਨਾਲ ਸਹਿਯੋਗ ਕਰਨ।