MP ਸਤਨਾਮ ਸੰਧੂ ਅਤੇ ਸੀਨੀਅਰ BJP ਆਗੂ ਗੁਰਦਰਸ਼ਨ ਸੈਣੀ ਵੱਲੋਂ ਡੇਰਾਬੱਸੀ ਮੰਡੀਆਂ ਦਾ ਦੌਰਾ
ਕੇਂਦਰ ਦੀਆਂ ਰਿਆਇਤਾਂ ਨਾਲ ਕਣਕ ਦੀ ਖਰੀਦ ਵਿੱਚ ਆਈ ਤੇਜ਼ੀ: ਸੰਧੂ
Babushahi Network
ਡੇਰਾਬੱਸੀ, 20 ਅਪ੍ਰੈਲ 2026- ਡੇਰਾਬਸੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਸਾਂਝੇ ਤੌਰ 'ਤੇ ਡੇਰਾਬੱਸੀ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਦੋਵਾਂ ਆਗੂਆਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਕਾਰਨ ਪੰਜਾਬ ਦੇ ਕਿਸਾਨਾਂ ਸਿਰ ਪੈਦਾ ਹੋਏ ਵੱਡੇ ਸੰਕਟ ਨੂੰ ਦੇਖਦਿਆਂ, ਜਦੋਂ ਇਹ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਰੰਤ ਕਾਰਵਾਈ ਕਰਦਿਆਂ ਕਣਕ ਦੀ ਖਰੀਦ ਲਈ ਲੋੜੀਂਦੀਆਂ ਰਿਆਇਤਾਂ ਜਾਰੀ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਖਰੀਦ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਨੂੰ 35,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਪਹਿਲਾਂ ਹੀ ਜਾਰੀ ਕਰ ਦਿੱਤੀ ਸੀ, ਜਿਸ ਸਦਕਾ ਹੁਣ ਤੱਕ ਸੂਬੇ ਵਿੱਚ 39 ਲੱਖ ਮੈਟਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਜਦੋਂ ਕਿ 1 ਲੱਖ 22 ਹਜਾਰ ਤੋਂ ਲੈ ਕੇ 1 ਲੱਖ 25 ਹਜਾਰ ਮੀਟਰ ਟਨ ਕਣਕ ਖਰੀਦਣ ਦਾ ਸਰਕਾਰ ਦਾ ਟੀਚਾ ਹੈ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੌਜੂਦ ਸਥਾਨਕ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਸਾਨੀ ਮੁੱਦਿਆਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਇਲਾਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲੇਬਰ ਦੀ ਕਮੀ ਅਤੇ ਕਿਤੇ-ਕਿਤੇ ਵਾਰਦਾਨੇ ਦੀ ਆ ਰਹੀ ਦਿੱਕਤ ਨੂੰ ਪ੍ਰਸ਼ਾਸਨ ਅਤੇ ਆੜ੍ਹਤੀਆਂ ਨਾਲ ਮਿਲ ਕੇ ਤੁਰੰਤ ਹੱਲ ਕਰਵਾਇਆ ਜਾ ਰਿਹਾ ਹੈ। ਸੈਣੀ ਨੇ ਸਪੱਸ਼ਟ ਕੀਤਾ ਕਿ ਭਾਜਪਾ ਦੀ ਪਹਿਲਕਦਮੀ ਸਦਕਾ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਅਗਲੇ ਇੱਕ ਹਫ਼ਤੇ ਵਿੱਚ ਖਰੀਦ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਭਾਜਪਾ ਆਗੂ ਮਿੰਟਾ ਸੈਣੀ, ਗੁਲਜਾਰ ਸਿੰਘ ਟਿਵਾਣਾ, ਮੇਜਰ ਸਿੰਘ ਪਰਾਗਪੁਰ, ਗੁਰਜੰਟ ਸਿੰਘ, ਢੇਰੂ ਲੰਬੜਦਾਰ, ਗੁਰਮੀਤ ਟਿਵਾਣਾ, ਬਾਂਸਲ ਜੀ ਅਤੇ ਰਿੰਕੂ ਜਨਤਪੁਰ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਰਿਆਇਤਾਂ ਲਈ ਧੰਨਵਾਦ ਪ੍ਰਗਟਾਇਆ।
Click to Follow Babushahi Facebook page →