MP Amritpal Singh ਦੀ ਪੈਰੋਲ ਪਟੀਸ਼ਨ 'ਤੇ High Court 'ਚ ਹੋਈ ਸੁਣਵਾਈ! ਜਾਣੋ ਕੀ ਹੈ ਨਵੀਂ Update
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 2 ਦਸੰਬਰ, 2025: ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ 'ਤੇ ਅੱਜ (ਸੋਮਵਾਰ) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਲਈ ਤੈਅ ਕੀਤੀ ਹੈ।
ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਅਗਲੀ ਪੇਸ਼ੀ 'ਤੇ ਉਹ ਦਸਤਾਵੇਜ਼ ਅਤੇ ਰਿਕਾਰਡ ਪੇਸ਼ ਕੀਤੇ ਜਾਣ, ਜਿਨ੍ਹਾਂ ਦੇ ਆਧਾਰ 'ਤੇ ਇਹ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਨੂੰ ਪੈਰੋਲ 'ਤੇ ਰਿਹਾਅ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਸਦੇ ਬਾਹਰ ਆਉਣ 'ਤੇ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
ਵੀਡੀਓ ਕਾਨਫਰੰਸਿੰਗ ਨਾਲ ਜੁੜਨ ਦੀ ਮੰਗ
ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਈਮਾਨ ਸਿੰਘ ਖਾਰਾ (Advocate Imaan Singh Khara) ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਅਦਾਲਤ ਦੇ ਸਾਹਮਣੇ ਇੱਕ ਬਦਲਵਾਂ ਰਸਤਾ ਵੀ ਰੱਖਿਆ ਹੈ। ਉਨ੍ਹਾਂ ਨੇ ਕੋਰਟ ਤੋਂ ਮੰਗ ਕੀਤੀ ਹੈ ਕਿ ਜੇਕਰ ਸੁਰੱਖਿਆ ਕਾਰਨਾਂ ਕਰਕੇ ਕਸਟਡੀ ਪੈਰੋਲ ਦੇਣਾ ਸੰਭਵ ਨਹੀਂ ਹੈ, ਤਾਂ ਅੰਮ੍ਰਿਤਪਾਲ ਨੂੰ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਸੰਸਦ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।
NSA ਨੂੰ ਚੁਣੌਤੀ ਦੇਣ ਦੀ ਤਿਆਰੀ
ਇਸ ਤੋਂ ਇਲਾਵਾ, ਐਡਵੋਕੇਟ ਖਾਰਾ ਨੇ ਇੱਕ ਹੋਰ ਵੱਡੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਉਹ ਜਲਦ ਹੀ ਅੰਮ੍ਰਿਤਪਾਲ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ ਐਨਐਸਏ (NSA) ਨੂੰ ਵੀ ਅਦਾਲਤ ਵਿੱਚ ਚੁਣੌਤੀ ਦੇਣ ਵਾਲੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਸੁਰੱਖਿਆ ਵਿਵਸਥਾ ਵਿਗੜਨ ਦਾ ਹਵਾਲਾ ਦਿੰਦੇ ਹੋਏ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ। ਪਰ ਹੁਣ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਰਿਕਾਰਡ ਮੰਗੇ ਗਏ ਹਨ।