OSD ਸੁਖਵੀਰ ਸਿੰਘ ਨੇ ਧੂਰੀ ਦੇ ਵਾਰਡ ਨੰਬਰ 5 ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ*
*ਧੂਰੀ ਸ਼ਹਿਰ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ: ਓ.ਐਸ.ਡੀ. ਸੁਖਵੀਰ ਸਿੰਘ*
*ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕਰ ਰਹੇ ਹਨ ਵਿਕਾਸ ਕਾਰਜਾਂ ਦੀ ਨਿਗਰਾਨੀ*
ਬਾਬੂਸ਼ਾਹੀ ਬਿਊਰੋ
ਧੂਰੀ, 4 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 5 ਵਿੱਚ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਰੋਜ਼ਮਰਾ ਜ਼ਿੰਦਗੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਤੁਰੰਤ ਅਤੇ ਟਿਕਾਊ ਹੱਲ ਲਈ ਸੰਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਸੁਖਵੀਰ ਸਿੰਘ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਹੂਲਤ, ਸਟ੍ਰੀਟ ਲਾਈਟਾਂ ਅਤੇ ਸਫਾਈ ਵਰਗੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ, ਸੀਵਰੇਜ ਲਾਈਨਾਂ, ਪਾਣੀ ਸਪਲਾਈ ਪ੍ਰੋਜੈਕਟ ਅਤੇ ਸਫਾਈ ਮੁਹਿੰਮਾਂ 'ਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਜੀਵਨ ਸਤਰ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨੂੰ ਜੋ ਗਰੰਟੀਆਂ ਵੋਟਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਵੀ ਵਿਕਾਸ ਕਾਰਜ ਵੱਡੀ ਪੱਧਰ 'ਤੇ ਚੱਲ ਰਹੇ ਹਨ ਅਤੇ ਧੂਰੀ ਵਾਸੀਆਂ ਦੀ ਸਭ ਤੋਂ ਵੱਡੀ ਮੰਗ ਆਰ.ਓ.ਬੀ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ।
ਸੁਖਵੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਸਮੇਂ-ਸਮੇਂ 'ਤੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਕਰਕੇ ਕੰਮ ਦੀ ਗਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣਾ ਹੈ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਲਈ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਕਿਸੇ ਵੀ ਸਮੱਸਿਆ ਸੰਬੰਧੀ ਸਿੱਧਾ ਸਰਕਾਰ ਨਾਲ ਸੰਪਰਕ ਕਰਨ।
ਇਸ ਮੌਕੇ ਵਾਰਡ ਨੰਬਰ 5 ਤੋਂ ਮੁਨੀਸ਼ ਜਿੰਦਲ (ਰਿੰਕੂ), ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਹਰਜਿੰਦਰ ਸਿੰਘ ਕਾਂਝਲਾ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਸੰਤੁਸ਼ਟੀ ਜਤਾਈ।
Click to Follow Babushahi Facebook page →