Trident Group ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ; ਪ੍ਰਦੂਸ਼ਣ ਬੋਰਡ ਦੇ ਸਾਰੇ ਨੋਟਿਸਾਂ 'ਤੇ ਲਾਈ ਰੋਕ
ਪੰਜਾਬ-ਹਰਿਆਣਾ ਹਾਈਕੋਰਟ ਨੇ ਪ੍ਰਦੂਸ਼ਣ ਬੋਰਡ ਦੇ 15 ਤੋਂ ਵੱਧ ਨੋਟਿਸ ਕੀਤੇ ਸਟੇਅ, 10 ਜੁਲਾਈ ਨੂੰ ਅਗਲੀ ਸੁਣਵਾਈ
Babushahi Network
ਚੰਡੀਗੜ੍ਹ, 10 ਜੂਨ 2026- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 'ਟ੍ਰਾਈਡੈਂਟ ਗਰੁੱਪ' (Trident Group) ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਟ੍ਰਾਈਡੈਂਟ ਕੰਪਨੀ ਨੂੰ ਜਾਰੀ ਕੀਤੇ ਗਏ ਸਾਰੇ ਨੋਟਿਸਾਂ 'ਤੇ ਤੁਰੰਤ ਪ੍ਰਭਾਵ ਨਾਲ ਰੋਕ (ਸਟੇਅ) ਲਗਾ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਿਛਲੇ ਸਮੇਂ ਦੌਰਾਨ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਗਾਉਂਦੇ ਹੋਏ ਟ੍ਰਾਈਡੈਂਟ ਗਰੁੱਪ ਨੂੰ 15 ਤੋਂ ਵੱਧ ਵੱਖ-ਵੱਖ ਨੋਟਿਸ ਜਾਰੀ ਕੀਤੇ ਗਏ ਸਨ। ਕੰਪਨੀ ਨੇ ਇਨ੍ਹਾਂ ਨੋਟਿਸਾਂ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ, ਜਿਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ।
ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਪ੍ਰਦੂਸ਼ਣ ਬੋਰਡ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਟ੍ਰਾਈਡੈਂਟ ਗਰੁੱਪ ਖ਼ਿਲਾਫ਼ ਸਿੱਧੀ ਕਾਰਵਾਈ ਨਹੀਂ ਕਰ ਸਕਦਾ। ਜੇਕਰ ਬੋਰਡ ਵੱਲੋਂ ਕੋਈ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਹੈ, ਤਾਂ ਉਸ ਤੋਂ ਇੱਕ ਮਹੀਨਾ ਪਹਿਲਾਂ ਕੰਪਨੀ ਨੂੰ ਲਿਖਤੀ ਨੋਟਿਸ ਦੇਣਾ ਲਾਜ਼ਮੀ ਹੋਵੇਗਾ।
ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਕੇਸ ਦੀ ਅਗਲੀ ਸੁਣਵਾਈ 10 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਉਦੋਂ ਤੱਕ ਪ੍ਰਦੂਸ਼ਣ ਬੋਰਡ ਦੇ ਸਾਰੇ ਨੋਟਿਸਾਂ 'ਤੇ ਰੋਕ ਬਰਕਰਾਰ ਰਹੇਗੀ।

ਇਹ ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਆਪਣੀ ਰਿਟ ਪਟੀਸ਼ਨ ਵਿੱਚ ਟ੍ਰਾਈਡੈਂਟ ਲਿਮਿਟਡ ਨੇ ਦੋਸ਼ ਲਗਾਇਆ ਹੈ ਕਿ ਉਸ ਖ਼ਿਲਾਫ਼ ਸ਼ੁਰੂ ਕੀਤੀ ਗਈ ਕਾਰਵਾਈ ਸਿਆਸੀ ਪ੍ਰੇਰਿਤ ਹੈ ਅਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਕੰਪਨੀ ਨੇ ਇਹ ਵੀ ਦਲੀਲ ਦਿੱਤੀ ਹੈ ਕਿ ਇਹ ਕਾਰਵਾਈ ਕੁਦਰਤੀ ਨਿਆਂ ਦੇ ਸਿਧਾਂਤਾਂ ਦੀ ਉਲੰਘਣਾ ਕਰਦੀ ਹੈ, ਕਿਉਂਕਿ ਅਜਿਹੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਪਹਿਲਾਂ ਤੋਂ ਨੋਟਿਸ ਦੇਣਾ ਅਤੇ ਆਪਣਾ ਪੱਖ ਰੱਖਣ ਦਾ ਯੋਗ ਮੌਕਾ ਦੇਣਾ ਲਾਜ਼ਮੀ ਸੀ।
ਪਟੀਸ਼ਨਰ ਵੱਲੋਂ ਪੇਸ਼ ਹੋਈ ਸੀਨੀਅਰ ਵਕੀਲ ਮਨੀਸ਼ਾ ਗਾਂਧੀ ਨੇ ਇਸ ਕਾਰਵਾਈ ਨੂੰ "ਮੰਦਭਾਗਾ ਅਤੇ ਸਿਆਸੀ ਪ੍ਰੇਰਿਤ" ਕਰਾਰ ਦਿੱਤਾ। ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਸ਼ੁਰੂ ਕੀਤੀਆਂ ਗਈਆਂ ਕਾਰਵਾਈਆਂ ਦੀ ਲੜੀ ਟ੍ਰਾਈਡੈਂਟ ਗਰੁੱਪ ਦੇ ਬਾਨੀ -ਚੇਅਰਮੈਨ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੇ ਭਾਜਪਾ ਸੰਸਦੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ੁਰੂ ਹੋਈ। ਕੰਪਨੀ ਦਾ ਦੋਸ਼ ਹੈ ਕਿ ਇਨ੍ਹਾਂ ਕਾਰਵਾਈਆਂ ਦਾ ਮਕਸਦ ਇਸ ਦੇ ਸੰਸਥਾਪਕ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਇਸ ਉਦਯੋਗਿਕ ਗਰੁੱਪ ਨੂੰ ਤੰਗ-ਪ੍ਰੇਸ਼ਾਨ ਕਰਨਾ ਸੀ।
- Download Babushahi App
-
-