ਜੀ ਐਸ ਪੰਨੂ
ਪਟਿਆਲਾ, 4 ਫਰਵਰੀ 2021 - 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ ਚੋਣਾਂ ਲਈ ਅੱਜ ਰਿਟਰਨਿੰਗ ਅਧਿਕਾਰੀਆਂ ਵੱਲੋਂ ਕਾਗਜ਼ਾਂ ਦੀ ਕੀਤੀ ਗਈ ਪੜਤਾਲ ਮਗਰੋਂ 5 ਨਾਮਜ਼ਦਗੀ ਰੱਦ ਹੋਈਆਂ ਹਨ ਅਤੇ 608 ਉਮੀਦਵਾਰ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਹ ਜਾਣਕਾਰੀ ਪਟਿਆਲਾ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਜਪੁਰਾ ਵੱਲੋਂ ਕੀਤੀ ਕਾਗਜ਼ਾਂ ਦੀ ਪੜਤਾਲ ਮਗਰੋਂ ਇਕ ਨਾਮਜ਼ਦਗੀ ਪੱਤਰ ਰੱਦ ਹੋਇਆ ਹੈ ਅਤੇ ਨਾਭਾ ਦੇ ਰਿਟਰਨਿੰਗ ਅਫ਼ਸਰ ਵੱਲੋਂ ਕੀਤੀ ਪੜਤਾਲ ਮਗਰੋਂ ਚਾਰ ਨਾਮਜ਼ਦਗੀਆਂ ਰੱਦ ਹੋਈਆਂ ਹਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚਾਰੋਂ ਨਗਰ ਕੌਂਸਲਾਂ 'ਚ 608 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰਾਜਪੁਰਾ 'ਚ 170 ਉਮੀਦਵਾਰਾਂ, ਸਮਾਣਾ 'ਚ 148 ਉਮੀਦਵਾਰ, ਪਾਤੜਾਂ 'ਚ 134 ਅਤੇ ਨਾਭਾ 'ਚ 156 ਉਮੀਦਵਾਰਾਂ ਦੇ ਕਾਗਜ ਸਹੀ ਪਾਏ ਗਏ ਹਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਕੰਮਰਾ ਨੰਬਰ 1 'ਚ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 0175-2311306 ਹੈ।