ਅਸ਼ੋਕ ਵਰਮਾ
ਮਾਨਸਾ, 27 ਮਾਰਚ2021:ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਅੱਜ ਸਪੱਸ਼ਟ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਖ਼ਤੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਜ਼ਿਲ੍ਹਾ ਮਾਨਸਾ ਵਿੱਚ ਸਿਹਤ ਸਲਾਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਪਾਸਾਰ ਨੂੰ ਰੋਕਿਆ ਜਾਣਾ ਬੇਹੱਦ ਜ਼ਰੂਰੀ ਹੈ ਅਤੇ ਜੇ ਇਸ ਮਾਮਲੇ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਵਰਤੀ ਗਈ ਤਾਂ ਇਸ ਦਾ ਸਾਨੂ ੰਸਾਰਿਆਂ ਨੂੰ ਵੱਡਾ ਨੁਕਸਾਨ ਭੁਗਤਣਾ ਪੈ ਸਕਦਾ ਹੈ। ਅੱਜ ਜ਼ਿਲ੍ਹੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਸਿਹਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਮਾਮਲਿਆਂ ਦਾ ਵਧਣਾ ਚਿੰਤਾ ਦਾ ਵਿਸ਼ਾ ਹੈ ਇਸ ਲਈ ਹੁਣ ਸਾਰਿਆਂ ਨੂੰ ਪਹਿਲਾਂ ਨਾਲੋਂ ਵੀ ਜਿਆਦਾ ਮੁਸਤੈਦੀ ਦਿਖਾਉਣੀ ਹੋਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਨਾਗਰਿਕਾਂ ਵੱਲੋਂ ਪ੍ਰਸ਼ਾਸਨ ਤੇ ਪੁਲਿਸ ਨੂੰ ਸਹਿਯੋਗ ਦਿੰਦੇ ਹੋਏ ਸਿਹਤ ਸਲਾਹਾਂ ਦੀ ਪਾਲਣਾ ਕੀਤੀ ਜਾਵੇ ਤਾਂ ਕੋਰੋਨਾ ਮਾਮਲਿਆਂ ਨੂੰ ਹੋਰ ਵਧਣ ਤੋਂ ਰੋਕਣ ਵਿੱਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ 45 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਨਾਗਰਿਕਾਂ ਨੂੰ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਦੇ ਦਾਇਰੇ ਅਧੀਨ ਲਿਆਉਣ ਲਈ ਯੋਜਨਾਬੱਧ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ 19 ਦੀ ਰੋਕਥਾਮ ਲਈ ਸਮੇਂ ਸਮੇਂ ਸਿਰ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਜਨਤਕ ਇਲਾਕਿਆਂ, ਸੜਕਾਂ ਤੇ ਬਜ਼ਾਰਾਂ ਵਿੱਚ ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਦੇ ਟੈਸਟ ਤੁਰੰਤ ਕਰਵਾਏ ਜਾਣ। ਇਸ ਮੌਕੇ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।