ਹਰਜਿੰਦਰ ਸਿੰਘ ਭੱਟੀ
- ਆਰਥਿਕ ਤੌਰ ਉਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਮਿਲਣ ਲੱਗਿਆ ਸਭ ਤੋਂ ਵੱਧ ਲਾਭ
- ਔਰਤਾਂ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ
ਐਸ.ਏ.ਐਸ. ਨਗਰ, 02 ਅਪਰੈਲ 2021 - ਕੋਈ ਸਮਾਂ ਜਦੋਂ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਨਾਲ ਸਬੰਧਤ ਔਰਤਾਂ ਨੂੰ ਹੋਰਨਾਂ ਮੁਸ਼ਕਲਾਂ ਦੇ ਨਾਲ ਨਾਲ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ, ਜਿਸ ਨਾਲ ਔਰਤਾਂ ਨੂੰ ਬਹੁਤ ਲਾਭ ਹੋਇਆ ਹੈ ਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਸਹੂਲਤ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਦੀਆਂ ਔਰਤਾਂ ਲਈ ਤਾਂ ਵਰਦਾਨ ਸਾਬਤ ਹੋਈ ਹੈ ਤੇ ਹੁਣ ਉਹ ਸਹਿਜੇ ਹੀ ਇੱਕ ਤੋਂ ਦੂਜੀ ਥਾਂ ਜਾ ਕੇ ਆਪਣੇ ਕੰਮ-ਕਾਰ ਨਿਬੇੜ ਸਕਦੀਆਂ ਹਨ। ਇਹ ਗੱਲ ਮੋਹਾਲੀ ਬੱਸ ਅੱਡੇ ਤੋਂ ਬੱਸ ਚੜ੍ਹਨ ਜਾ ਰਹੀ ਮੋਹਾਲੀ ਵਾਸੀ ਮੀਨੂੰ ਨੇ ਆਖੀ ਤੇ ਇਸ ਫ਼ੈਸਲੇ ਸਬੰਧੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸੇ ਤਰ੍ਹਾਂ ਮੋਹਾਲੀ ਵਾਸੀ ਅਰਵਿੰਦਰ ਕੌਰ ਨੇ ਵੀ ਇਸ ਸਹੂਲਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹੂਲਤ ਨਾਲ ਔਰਤਾਂ ਦੀਆਂ ਆਵਾਜਾਈ ਸਬੰਧੀ ਕਈ ਮੁਸ਼ਕਲਾਂ ਹੱਲ ਹੋਈਆਂ ਹਨ ਤੇ ਇਸ ਫ਼ੈਸਲੇ ਲਈ ਪੰਜਾਬ ਸਰਕਾਰ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਓਨੀ ਹੀ ਥੋੜ੍ਹੀ ਹੈ। ਉਨ੍ਹਾਂ ਦੇ ਨਾਲ ਨਾਲ ਮੋਹਾਲੀ ਅਤੇ ਸੋਹਾਣਾ ਵਾਸੀ ਔਰਤਾਂ ਮੀਨਾ, ਸਿਮਰਜੀਤ ਕੌਰ, ਸਵਰਨ ਕੌਰ ਅਤੇ ਸਪਨਾ ਨੇ ਵੀ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ।
ਇਸ ਸਹੂਲਤ ਬਾਰੇ ਹੋਰ ਗੱਲਬਾਤ ਕਰਦਿਆਂ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਕੈਬਿਨਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਕਿਹਾ ਕਿ ਇਸ ਸਹੂਲਤ ਨਾਲ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਨਾਲ ਸਬੰਧਤ ਔਰਤਾਂ ਨੂੰ ਸਭ ਤੋਂ ਵੱਧ ਲਾਭ ਮਿਲ ਰਿਹਾ ਹੈ ਤੇ ਉਨ੍ਹਾਂ ਦੀਆਂ ਆਵਾਜਾਈ ਸਬੰਧੀ ਦਿੱਕਤਾਂ ਦੂਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਬਿਹਤਰੀ ਲਈ ਅਨੇਕਾਂ ਕਦਮ ਚੁੱਕੇ ਹਨ ਤੇ ਪੰਜਾਬ ਸਰਕਾਰ ਨੇ ਪੜਾਅਵਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਸੂਬੇ ਨੂੰ ਮਾੜੇ ਵਿੱਤੀ ਹਾਲਾਤ ਵਿੱਚੋਂ ਕੱਢ ਕੇ ਤਰੱਕੀ ਦੇ ਰਾਹ ਪਾਇਆ ਹੈ।