ਹਰਜਿੰਦਰ ਸਿੰਘ ਭੱਟੀ
- 66 ਵਾਹਨ ਜ਼ਬਤ
- ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਵੱਲੋਂ ਕੋਵਿਡ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਦੀ ਅਪੀਲ
ਐਸ ਏ ਐਸ ਨਗਰ, 17 ਅਪਰੈਲ 2021 - ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਨੇ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਾਉਣ ਸਬੰਧੀ 366 ਚਲਾਨ ਕੱਟੇ। ਇਸ ਦੇ ਨਾਲ ਹੀ ਰਾਤ ਦੇ ਕਰਫਿਊ ਦੀ ਉਲੰਘਣਾ ਸਬੰਧੀ ਜਿੱਥੇ 15 ਐਫ ਆਈ ਆਰਜ਼ ਦਰਜ ਕੀਤੀਆਂ ਗਈਆਂ, ਉਥੇ 66 ਵਾਹਨ ਜ਼ਬਤ ਵੀ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁੱਲ ਬਖ਼ਸ਼ਿਆ ਨਹੀਂ ਜਾਵੇਗਾ।
ਪੁਲੀਸ ਦੀਆਂ ਟੀਮਾਂ ਵੱਲੋਂ ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ, ਉਹਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਤੈਅ ਗਿਣਤੀ ਤੋਂ ਵੱਧ ਲੋਕ ਇਕੱਠ ਹੋਣ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਹਾਲ ਜਾਂ ਹੋਟਲ ਜਿੱਥੇ ਤੈਅ ਗਿਣਤੀ ਤੋਂ ਵੱਧ ਲੋਕ ਇਕੱਠੇ ਹੋਣਗੇ, ਉਹਨਾਂ ਲੋਕਾਂ ਦੇ ਨਾਲ ਨਾਲ ਹੋਟਲ ਜਾਂ ਹਾਲ ਦੇ ਮਾਲਕ ਖ਼ਿਲਾਫ਼ ਵੀ ਸ਼ਖ਼ਤ ਕਾਰਵਾਈ ਕੀਤੀ ਜਾਵੇਗੀ।
ਸਮੂਹ ਜ਼ਿਲ੍ਹਾ ਵਾਸੀ ਇਸ ਗੱਲ ਵੱਲ ਧਿਆਨ ਦੇਣ ਕਿ ਇਹ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਹਨਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਜੋਗ ਦਿੱਤਾ ਜਾਵੇ।
ਇਨ੍ਹਾਂ ਦੇ ਨਾਲ ਨਾਲ ਇੱਕ ਚੀਜ਼ ਜਿਹੜੀ ਸਭ ਤੋਂ ਅਹਿਮ ਹੈ, ਉਹ ਹੈ ਕੋਵਿਡ ਵੈਕਸੀਨੇਸ਼ਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ਉਤੇ ਵੈਕਸੀਨੇਸ਼ਨ ਜੰਗੀ ਪੱਧਰ ਉਤੇ ਜਾਰੀ ਹੈ। ਇਸ ਜ਼ਿਲ੍ਹਾ ਵਾਸੀ ਅੱਗੇ ਹੋ ਕੇ ਵੈਕਸੀਨੇਸ਼ਨ ਕਰਵਾਉਣ।