ਅਸ਼ੋਕ ਵਰਮਾ
ਬਠਿੰਡਾ, 20 ਅਪ੍ਰੈਲ2021 : ਕੋਵਿਡ ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ 30 ਅਪ੍ਰੈਲ ਤੱਕ ਨਵੀਆਂ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਜਾਰੀ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ।ਸਾਰੇ ਰੈਸਟੋਰੈਂਟ (ਹੋਟਲਾਂ ਵਿਚਲੇ ਰੈਸਟੋਰੈਂਟਾਂ ਸਮੇਤ) ਬੰਦ ਰਹਿਣਗੇ ਅਤੇ ਇਨ੍ਹਾਂ ਨੂੰ ਸਿਰਫ ਖਾਣਾ ਘਰ ਲਿਜਾਣ ਅਤੇ ਹੋਮ ਡਿਲੀਵਰੀ ਦੀ ਇਜਾਜ਼ਤ ਦਿੱਤੀ ਗਈ ਹੈ।
ਵਿਆਹਾਂ/ਸੰਸਕਾਰਾਂ ਸਮੇਤ 20 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਹੋਵੇਗੀ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ (ਸਿਰਫ ਸਸਕਾਰ ਨੂੰ ਛੱਡ ਕੇ) ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਹੋਵੇਗੀ।ਕਿਧਰੇ ਵੀ ਵੱਡੇ ਇਕੱਠਾਂ (ਧਾਰਮਿਕ, ਰਾਜਨੀਤਿਕ, ਸਮਾਜਿਕ) ਵਿਚ ਸ਼ਾਮਲ ਹੋ ਕੇ ਆਏ ਵਿਅਕਤੀਆਂ ਨੂੰ ਪ੍ਰੋਟੋਕਾਲ ਅਨੁਸਾਰ 5 ਦਿਨਾਂ ਲਈ ਘਰ ਵਿਚ ਇਕਾਂਤਵਾਸ ਰਹਿਣਾ ਪਵੇਗਾ।ਜ਼ਿਲ੍ਹੇ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ, ਜਦਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਉਦਯੋਗਾਂ ਵਿਚ ਕੰਮਕਾਜ ਤੋਂ ਇਲਾਵਾ ਰੇਲਾਂ, ਹਵਾਈ ਜਹਾਜ਼ਾਂ ਅਤੇ ਬੱਸਾਂ ਵਿਚੋਂ ਉੱਤਰਕੇ ਆਪਣੇ ਟਿਕਾਣਿਆਂ ’ਤੇ ਜਾਣ-ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਕਰਫਿਊ ਤੋਂ ਛੋਟ ਹੋਵੇਗੀ।ਜਨਤਕ ਟ੍ਰਾਂਸਪੋਰਟ (ਬੱਸਾਂ, ਟੈਕਸੀਆਂ, ਆਟੋ) ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇਗੀ।ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰੇ ਮਾਲ, ਮਾਰਕੀਟਾਂ, ਦੁਕਾਨਾਂ ਅਤੇ ਰੈਸਟੋਰੈਂਟ (ਹੋਟਲਾਂ ਵਿਚਲੇ ਰੈਸਟੋਰੈਂਟਾਂ ਸਮੇਤ) ਐਤਵਾਰ ਨੂੰ ਬੰਦ ਰਹਿਣਗੇ।
ਸਾਰੀਆਂ ਹਫ਼ਤਾਵਾਰੀ ਮਾਰਕੀਟਾਂ ਵੀ ਬੰਦ ਰਹਿਣਗੀਆਂ। ਨਵੀਂ ਭਰਤੀ ਹੋਣ ਵਾਲੇ ਸਾਰੀਆਂ ਪ੍ਰੀਖਿਆਵਾਂ (ਪਟਵਾਰੀ ਆਦਿ) ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿਚ ਸਿਹਤ/ਫਰੰਟਲਾਈਨ ਵਰਕਰ ਅਤੇ 45 ਸਾਲ ਤੋਂ ਵੱਧ ਉਮਰ ਦੇ ਕਰਮਚਾਰੀ, ਜਿਨ੍ਹਾਂ ਨੇ ਪਿਛਲੇ 15 ਜਾਂ ਜ਼ਿਆਦਾ ਦਿਨਾਂ ਦੌਰਾਨ ਵੈਕਸੀਨ ਦੀ ਘੱਟੋ-ਘੱਟ ਇਕ ਖ਼ੁਰਾਕ ਨਹੀਂ ਲਈ, ਨੂੰ ਉਦੋਂ ਤੱਕ ਛੁੱਟੀ ਲੈ ਕੇ ਘਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸੇ ਤਰ੍ਹਾਂ 45 ਸਾਲ ਤੋਂ ਘੱਟ ਉਮਰ ਦੇ ਕਰਮਚਾਰੀਆਂ ਨੂੰ ਆਰ. ਟੀ. ਪੀ. ਸੀ. ਆਰ ਨੈਗੇਟਿਵ ਰਿਪੋਰਟ, ਜਿਹੜੀ ਕਿ 5 ਦਿਨਾਂ ਤੋਂ ਪੁਰਾਣੀ ਨਾ ਹੋਵੇ, ਦੇ ਆਧਾਰ ’ਤੇ ਆਗਿਆ ਦਿੱਤੀ ਜਾਵੇਗੀ, ਨਹੀਂ ਤਾਂ ਛੁੱਟੀ ਲੈ ਕੇ ਘਰ ਰਹਿਣਗੇ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਵਿਡ-19 ਦਾ ਫੈਲਾਅ ਰੋਕਣ ਲਈ ਕੌਮੀ ਨਿਰਦੇਸ਼ਾਂ, ਕੇਂਦਰੀ ਗ੍ਰਹਿ ਮੰਤਰਾਲੇ/ਸੂਬਾ ਸਰਕਾਰ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ. ਓ. ਪੀਜ਼) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਬਾਜ਼ਾਰਾਂ, ਜਨਤਕ ਟ੍ਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ’ਚ ਜ਼ਰੂਰੀ ਇਹਤਿਆਤ ਵਰਤੇ ਜਾਣੇ, ਜਿਨ੍ਹਾਂ ਵਿਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਰੱਖੇ ਜਾਣੇ ਯਕੀਨੀ ਬਣਾਏ ਜਾਣਗੇ। ਇਸ ਤੋਂ ਬਿਨਾਂ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀੇ ਜਾਵੇਗੀ। ਜਾਰੀ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ. ਪੀ. ਸੀ 1860 ਦੀਆਂ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।