- ਮੰਡੀਆਂ ’ਚ ਚੱਲ ਰਹੇ ਹਨ ਕੋਵਿਡ ਬਚਾਅ ਸਬੰਧੀ ਟੈਸਟਿੰਗ ਤੇ ਵੈਕਸੀਨੇਸ਼ਨ ਕੈਂਪ
- ਕੋਵਿਡ ਪ੍ਰੋਟੋਕੋਲ ਦੀ ਮੰਡੀਆਂ ’ਚ ਪਾਲਣਾ ਬਣਾਈ ਜਾ ਰਹੀ ਹੈ ਯਕੀਨੀ
- ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਤੇ ਕਣਕ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਨਾ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 21 ਅਪ੍ਰੈਲ 2021 - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੋਵਿਡ-19 ਦੇ ਬਚਾਅ ਲਈ ਸਾਰੇ ਪੁਖਤਾ ਪ੍ਰਬੰਧ ਪੂਰੇ ਕੀਤੇ ਗਏ ਹਨ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਕੋਈ ਦਿੱਕਤ ਨਾ ਆਵੇ, ਇਸ ਲਈ ਕੋਈ ਕਮੀ ਨਹੀਂ ਛੱਡੀ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮੱਦੇਨਜ਼ਰ ਸਾਰਿਆਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਮੰਡੀਆਂ ਵਿੱਚ ਟੈਸਟਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਜਿਥੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਲਾਭਪਾਤਰੀ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਦੇ ਨਾਲ-ਨਾਲ ਆਪਣੀ ਸਿਹਤ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ, ਮਾਸਕ ਪਹਿਨਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ, ਸਾਫ਼-ਸਫਾਈ ਦਾ ਧਿਆਨ ਰੱਖਣ ਆਦਿ ਸਮੇਤ ਵੱਖ-ਵੱਖ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਤੇ ਸਬੰਧਤ ਵਰਗ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਵੀ ਬਚਾਇਆ ਜਾ ਸਕੇ।
ਅਪਨੀਤ ਰਿਆਤ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਤੇ ਹੋਰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਗ ਲਗਾਉਣ ਨਾਲ ਵਾਤਾਵਰਣ ਦੇ ਜੀਵ-ਜੰਤੂ, ਨਜਦੀਕ ਲੱਗੀ ਫ਼ਸਲ, ਸੜਕ ਕਿਨਾਰੇ ਲਗਾਏ ਪੌਦੇ ਅਤੇ ਬੂਟਿਆਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ। ਇਸ ਨਾਲ ਜਮੀਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਕੰਬਾਇਨ ਮਾਲਕਾਂ ਤੇ ਓਪਰੇਟਰਾਂ ਨੂੰ ਵੀ ਕਣਕ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਨਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਕਣਕ ਦੀ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਇਨ ਮਾਲਕ ਜ਼ਿੰਮੀਦਾਰਾਂ ਨੂੰ ਫ਼ਸਲ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ ਅਤੇ ਰਾਤ ਦੇ ਸਮੇਂ ਵੀ ਫ਼ਸਲ ਦੀ ਕਟਾਈ ਕਰਦੇ ਹਨ। ਕਈ ਵਾਰ ਅਣਪੱਕੀ ਤੇ ਨਮੀ ਵਾਲੀ ਫ਼ਸਲ ਦੀ ਕਟਾਈ ਵੀ ਕਰ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਫ਼ਸਲ ਨੂੰ ਖਰੀਦਣ ਸਮੇਂ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ ਜਿਸ ਨਾਲ ਕਿਸਾਨਾਂ ਨੂੰ ਕਾਫ਼ੀ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਨਿਰਧਾਰਤ ਨਮੀ ਵਾਲੀ ਕਣਕ ਲਿਆਉਣ ਦੀ ਅਪੀਲ ਕੀਤੀ।