ਪਰਵਿੰਦਰ ਸਿੰਘ ਕੰਧਾਰੀ
- ਪੰਚਾਇਤਾਂ ,ਲੋਕ ਨੁਮਾਇੰਦਿਆਂ ਤੇ ਸਵੈ ਸੇਵੀ ਤੇ ਧਾਰਮਿਕ ਸੰਸਥਾਵਾਂ ਤੋਂ ਸਹਿਯੋਗ ਲੈਣ ਲਈ ਕਿਹਾ
- ਕੋਰੋਨਾ ਦਾ ਟੀਕਾ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ -ਡਿਪਟੀ ਕਮਿਸ਼ਨਰ
- ਜ਼ਿਲ੍ਹੇ ਵਿਚ ਟੀਕਾਕਰਨ ਲਈ 86 ਸਥਾਨ ਬਣਾਏ ਗਏ
ਫ਼ਰੀਦਕੋਟ , 21 ਅਪ੍ਰੈਲ - ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਕੋਰੋਨਾ ਦੀ ਪਹਿਚਾਣ ਲਈ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਪੁਲੀਸ ,ਸਿਹਤ ਵਿਭਾਗ,ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ,ਸਥਾਨਕ ਸਰਕਾਰਾਂ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮਹਾਂਮਾਰੀ ਤੇ ਕਾਬੂ ਪਾਉਣ , ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਟੈਸਟਿੰਗ ,ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਟੀਕਾਕਰਨ ਸੈਂਟਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕਰਨ ਲਈ ਹੋਰ ਮੋਬਾਇਲ ਟੀਮਾਂ ਦਾ ਵਾਧਾ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਵੱਧ ਤੋਂ ਵੱਧ ਟੀਕਾਕਰਨ ਲਈ ਪੰਚਾਇਤਾਂ ਦਾ ਵੀ ਵਿਸ਼ੇਸ਼ ਸਹਿਯੋਗ ਲਿਆ ਜਾਵੇ ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਵੀ ਵਾਰਡ ਵਾਈਜ਼ ਕੋਰੋਨਾ ਟੀਕਾਕਰਨ ਕੈਂਪ ਲਗਾਏ ਜਾਣ ਅਤੇ ਇਸ ਸੰਬੰਧ ਵਿਚ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਵੱਖ ਵੱਖ ਸਵੈ ਸੇਵੀ ਤੇ ਧਾਰਮਿਕ ਸੰਸਥਾਵਾਂ ਦੀ ਵੀ ਮਦਦ ਲਈ ਜਾਵੇ ।ਉਨ੍ਹਾਂ ਕੋਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਟੈਸਟਿੰਗ ਕਰਨ ਲਈ ਵੀ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਕੈਂਪ ਲਗਾਉਣ ਲਈ ਕਿਹਾ ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਤੋ ਬਚਾਓ ਦਾ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਸਰੀਰ ਤੇ ਕੋਈ ਵੀ ਮਾਰੂ ਪ੍ਰਭਾਵ ਨਹੀਂ ਪੈਂਦਾ ਬਲਕਿ ਕੋਰੋਨਾ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਬਹੁਤ ਜ਼ਰੂਰੀ ਹੈ।
ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ , ਕਰੋਨਾ ਟੈਸਟਿੰਗ ,ਟ੍ਰੈਕਿੰਗ ਅਤੇ ਟ੍ਰੀਟਮੈਂਟ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ ।ਉਨ੍ਹਾ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਅੰਦਰ ਅੱਜ ਤੱਕ ਤਕਰੀਬਨ 55000 ਤੋਂ ਵੱਧ ਡੋਜਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਦੇ ਦਰ ’ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ 86 ਸਥਾਨਾਂ ਸਾਰੇ ਸਰਕਾਰੀ ਸਿਹਤ ਕੇਂਦਰਾਂ, ਡਿਸਪੈਂਸਰੀਆਂ, ਹਸਪਤਾਲਾਂ ਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸ ਤੋ ਇਲਾਵਾ ਜਿਲ੍ਹੇ ਵਿੱਚ ਲੋੜ ਅਨੁਸਾਰ ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ।
ਇਸ ਮੌਕੇ ਏ.ਡੀ. ਸੀ (ਡੀ) ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ ਡੀ ਐਮ ਫਰੀਦਕੋਟ ਮਿਸ. ਪੂਨਮ ਸਿੰਘ, ਐਸ ਡੀ ਐਮ ਕੋਟਕਪੂਰਾ ਸ. ਅਮਰਿੰਦਰ ਸਿੰਘ ਟਿਵਾਣਾ, ਐਸ ਡੀ ਐਮ ਜੈਤੋ ਡਾ.ਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ.ਮਨਦੀਪ ਕੌਰ,ਡਿਪਟੀ ਐਸ.ਐਮ.ਓ ਡਾ.ਚੰਦਰ ਸ਼ੇਖਰ ਕੱਕੜ,ਈ.ਓ ਫਰੀਦਕੋਟ, ਪੁਲਿਸ ਵਿਭਾਗ ਦੇ ਅਧਿਕਾਰੀ,ਸ੍ਰੀ ਅਮ੍ਰਿਤ ਲਾਲ,ਈ.ਓ ਫਰੀਦਕੋਟ ,ਸ.ਬਲਵਿੰਦਰ ਸਿੰਘ, ਈ.ਓ ਕੋਟਕਪੂਰਾ, ਸ.ਗੁਰਦਾਸ ਸਿੰਘ, ਈ.ਓ ਜੈਤੋ,ਡਾ.ਪਰਵਿੰਦਰ ਕੌਰ,ਫਲੈਗ ਚਾਵਲਾ ਮਾਸ ਮੀਡੀਆ ਅਫਸਰ ਵੀ ਹਾਜ਼ਰ ਸਨ।