ਗੌਰਵ ਮਾਨਿਕ
ਫ਼ਿਰੋਜ਼ਪੁਰ 21 ਅਪ੍ਰੈਲ 2021 - ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਕੋਰੋਨਾ ਦੀ ਪਛਾਣ ਲਈ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਪੁਲਸ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਹਾਮਾਰੀ ’ਤੇ ਕਾਬੂ ਪਾਉਣ, ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਟੈਸਟਿੰਗ, ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਤੋਂ ਬਚਾਓ ਦਾ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਸਰੀਰ 'ਤੇ ਕੋਈ ਵੀ ਮਾਰੂ ਪ੍ਰਭਾਵ ਨਹੀਂ ਪੈਂਦਾ, ਬਲਕਿ ਕੋਰੋਨਾ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ-ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ , ਕੋਰੋਨਾ ਟੈਸਟਿੰਗ, ਟੈਕਿੰਗ ਅਤੇ ਟ੍ਰੀਟਮੈਂਟ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਕੋਰੋਨਾ ਮਹਾਮਾਰੀ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਰੋਨਾ ਟੀਕਾਕਰਨ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।