ਗੁਰਜੀਤ ਔਜਲਾ ਨੇ ਕੋਰੋਨਾ ਵਾਰਡ ਵਿਚ ਪਹੁੰਚ ਕੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ
ਸਭ ਸਿਆਸੀ ਪਾਰਟੀਆਂ ਕੋਰੋਨਾ ਨਾਲ ਨਜਿੱਠਣ ਲਈ ਆਪਣੇ ਹਿੱਤ ਛੱਡਣ : ਔਜਲਾ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 25 ਅਪ੍ਰੈਲ, 2021: ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਇਕ ਵੱਖਰੀ ਮਿਸਾਲ ਪੈਦਾ ਕਰਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕੋਰੋਨਾ ਵਾਇਰਸ ਵਾਰਡ ਵਿਚ ਜਾ ਕੇ ਪੀੜਤਾਂ ਦਾ ਹਾਲ ਚਾਲ ਪੁੱਛਿਆ ਅਤੇ ਫਰੰਟ ਲਾਈਨ ਵਰਕਰ ਮੈਡੀਕਲ ਸਟਾਫ ਜਿਸ ਵਿੱਚ ਸੀਨੀਅਰ ਰੈਜ਼ੀਡੈਂਟ, ਡਾਕਟਰ , ਸਟਾਫ਼ ਨਰਸ ਦੀ ਹੌਂਸਲਾ ਅਫਜਾਈ ਕਰਕੇ ਬਾਕੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਮਿਸਾਲ ਪੈਦਾ ਕੀਤੀ ਹੈ।
ਅਜੋਕੇ ਦੌਰ ਵਿਚ ਜਦੋਂ ਹਰ ਇਨਸਾਨ ਕੋਰੋਨਾ ਮਹਾਂਮਾਰੀ ਕਾਰਨ ਡਰ ਤੇ ਦਹਿਸ਼ਤ ਦੇ ਮਾਹੌਲ ਵਿੱਚੋਂ ਗੁਜ਼ਰ ਰਿਹਾ ਹੈ ਅਜਿਹੇ ਦੌਰ ਵਿੱਚ ਮੈਂਬਰ ਪਾਰਲੀਮੈਂਟ ਵੱਲੋਂ ਹਸਪਤਾਲ ਦਾ ਦੌਰਾ ਕਰਕੇ ਅਤੇ ਕੋਰੋਨਾ ਵਾਰਡ ਵਿਚ ਖੁਦ ਪੀਪੀਈ ਕਿੱਟ ਪਾ ਕੇ ਜਾਣ ਨਾਲ ਪ੍ਰਸ਼ਾਸਨਿਕ ਤੇ ਸਿਵਲ ਅਧਿਕਾਰੀਆਂ ਦੇ ਹੌਂਸਲੇ ਬੁਲੰਦ ਹੋਏ ਹਨ। ਇਸ ਮੌਕੇ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰੂ ਨਾਨਕ ਦੇਵ ਹਸਪਤਾਲ ਦੇ ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਸਟਾਫ ਦੀ ਪਿੱਠ ਥਾਪੜਦਿਆਂ ਕਿਹਾ ਕਿ ਸਮੂਹ ਮੈਡੀਕਲ ਸਟਾਫ ਪੂਰੀ ਤਨਦੇਹੀ ਨਾਲ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਇਸ ਮਹਾਂਮਾਰੀ ਨਾਲ ਲੜ ਰਿਹਾ ਹੈ ਅਤੇ ਮੈਡੀਕਲ ਸਟਾਫ ਦੀ ਜਿੰਨੀ ਵੀ ਤਾਰੀਫ਼ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਨਤਾ ਨੂੰ ਹਸਪਤਾਲ ਦੇ ਪ੍ਰਸਾਸ਼ਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਖੁਦ ਆ ਕੇ ਵੇਖਿਆ ਕਿ ਵਾਰਡ ਵਿਚ ਮਰੀਜ਼ਾਂ ਦੇ ਅਟੈਂਡੈਂਟ ਹਸਪਤਾਲ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਨਹੀਂ ਕਰ ਰਹੇ ਜੋ ਉਨ੍ਹਾਂ ਤੇ ਸਮਾਜ ਦੋਹਾਂ ਲਈ ਘਾਤਕ ਸਿੱਧ ਹੋ ਸਕਦਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਖਿਆ ਕਿ ਜੇਕਰ ਉਹ ਸਮਾਜ ਤੇ ਆਪਣਾ ਭਲਾ ਚਾਹੁੰਦੇ ਹਨ ਤਾਂ ਉਹ ਬਿਨਾਂ ਕਾਰਨ ਵਾਰਡ ਅੰਦਰ ਜਾਣ ਤੋਂ ਪ੍ਰਹੇਜ਼ ਕਰਨ । ਜੇਕਰ ਜਾਣ ਦੀ ਜ਼ਰੂਰਤ ਪੈਂਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਨੇ ਆਕਸੀਜਨ ਦੀ ਕਮੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਕਸੀਜਨ ਦੀ ਕਮੀ ਨਾਲ ਭਾਵੇਂ ਅਸੀਂ ਜੂਝ ਰਹੇ ਹਾਂ ਕਿਉਂਕਿ ਪੰਜਾਬ ਵਿੱਚ ਆਕਸੀਜਨ ਹਰਿਆਣਾ ਹਿਮਾਚਲ ਆਦਿ ਸੂਬਿਆਂ ਤੋਂ ਆਉਂਦੀ ਹੈ ਪਰ ਇਸ ਦੇ ਬਾਵਜੂਦ ਵੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਆਪਣੇ ਫਰਜਾਂ ਦੀ ਅਦਾਇਗੀ ਕਰਦਿਆਂ ਲੋਕਾਂ ਤੱਕ ਲੋੜੀਂਦੀ ਆਕਸੀਜਨ ਮੁਹੱਈਆ ਕਰਵਾ ਰਹੇ ਹਨ। ਔਜਲਾ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਾਨੂੰ ਆਕਸੀਜਨ ਦੇ ਨਵੇਂ ਪਲਾਂਟ ਲਗਾਉਣੇ ਪੈਣਗੇ ਤੇ ਉਹ ਇਸ ਸਬੰਧੀ ਸਰਕਾਰ ਨਾਲ ਵੀ ਗੱਲਬਾਤ ਕਰਨਗੇ।
ਮੈਂਬਰ ਪਾਰਲੀਮੈਂਟ ਨੇ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਆਪਣੀ ਸਰਕਾਰ ਬਣਾਉਣ ਨਾਲੋਂ ਉਨ੍ਹਾਂ ਨੂੰ ਦੇਸ਼ ਦੇ ਲੋਕਾਂ ਦੀ ਚਿੰਤਾ ਵਧੇਰੇ ਕਰਨੀ ਚਾਹੀਦੀ ਸੀ ਤੇ ਕੇਂਦਰ ਸਰਕਾਰ ਦੀ ਅਣਗਹਿਲੀ ਕਾਰਨ ਕੋਰੋਨਾ ਦਾ ਭਿਆਨਕ ਰੂਪ ਸਾਹਮਣੇ ਆਇਆ ਹੈ । ਕੇਂਦਰ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਉਚੇਚੇ ਪ੍ਰਬੰਧ ਨਹੀਂ ਕਰ ਸਕੀ ਜੋ ਇਕ ਦੁਖਦਾਇਕ ਪਹਿਲੂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਆਪਣੇ ਨਿਜੀ ਮੁਫ਼ਾਦ ਛੱਡ ਕੇ ਦੇਸ਼ ਤੇ ਲੋਕ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਆਕਸੀਜਨ ਦਾ ਕੋਟਾ ਘਟਾਉਣ ਦੀ ਵੀ ਨਿੰਦਾ ਕੀਤੀ। ਔਜਲਾ ਨੇ ਮਹਾਂਮਾਰੀ ਦੌਰਾਨ ਰਾਜਨੀਤੀ ਕਰਨ ਵਾਲਿਆਂ ਨੂੰ ਇਸ ਔਖੇ ਦੌਰ ਵਿਚ ਦੇਸ਼ ਦੇ ਲੋਕਾਂ ਨਾਲ ਖੜਨ ਲਈ ਅਪੀਲ ਵੀ ਕੀਤੀ।