ਜਲੰਧਰ ਵਿੱਚ ਗੈਰ-ਡਾਕਟਰੀ ਸੰਸਥਾਵਾਂ ਨੂੰ ਆਕਸੀਜਨ ਸਪਲਾਈ ਕਰਨ ‘ਤੇ ਰੋਕ ਲਗਾਈ
- ਅਧਿਕਾਰੀਆਂ ਨੂੰ ਇਸ ਜੀਵਨ ਰੱਖਿਅਕ ਗੈਸ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਖੋਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼
- ਡਿਪਟੀ ਮੈਡੀਕਲ ਕਮਿਸ਼ਨਰ ਨੂੰ ਪਲਾਂਟਾ ਤੋਂ ਆਕਸੀਜਨ ਸਿਲੰਡਰਾਂ ਦਾ ਤਾਜ਼ਾ ਸਟਾਕ ਪ੍ਰਾਪਤ ਕਰਨ ਲਈ ਅਗਾਊਂ ਮੰਗ ਰੱਖਣ ਦੀ ਕੀਤੀ ਹਦਾਇਤ
ਜਲੰਧਰ, 27 ਅਪ੍ਰੈਲ 2021 - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਜ਼ਿਲ੍ਹੇ ਦੀ ਕਿਸੇ ਵੀ ਗੈਰ-ਡਾਕਟਰੀ ਸੰਸਥਾ ਨੂੰ ਆਕਸੀਜਨ ਗੈਸ ਦੀ ਸਪਲਾਈ 'ਤੇ ਰੋਕ ਲਗਾ ਦਿੱਤੀ ਗਈ ਹੈ ਤਾਂ ਜੋ ਕੋਵਿਡ -19 ਵਾਇਰਸ ਨਾਲ ਲੜ ਰਹੇ ਮਰੀਜ਼ਾਂ ਲਈ ਇਸ ਜੀਵਨ ਰੱਖਿਅਕ ਗੈਸ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਨੋਡਲ ਅਧਿਕਾਰੀਆਂ ਦੀ ਲਿਖਤੀ ਪ੍ਰਵਾਨਗੀ 'ਤੇ 9 ਉਦਯੋਗਾਂ ਲਈ ਆਕਸੀਜਨ ਸਪਲਾਈ ਖੁੱਲ੍ਹੀ ਸੀ ਪਰ ਸਰਕਾਰ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਗਏ ਆਦੇਸ਼ਾਂ ਤੋਂ ਬਾਅਦ ਹੁਣ ਸਿਰਫ਼ ਹਸਪਤਾਲਾਂ ਵਿਚ ਹੀ ਆਕਸੀਜਨ ਸਪਲਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਗੈਰ-ਡਾਕਟਰੀ ਅਦਾਰਿਆਂ ਨੂੰ ਆਕਸੀਜਨ ਸਪਲਾਈ 'ਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਦਾ ਸਹਾਰਾ ਲੈਂਦਾ ਪਾਇਆ ਜਾਂਦਾ ਹੈ, ਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ । ਡਿਪਟੀ ਕਮਿਸ਼ਨਰ ਵੱਲੋਂ ਇਸ ਸੰਬੰਧ ਵਿੱਚ ਮੈਜਿਸਟਰੇਟ ਆਦੇਸ਼ ਵੀ ਜਾਰੀ ਕੀਤੇ ਗਏ ਹਨ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ ਐਪੀਡੈਮਿਕ ਡਿਸੀਜ਼ ਐਕਟ ਤਹਿਤ ਕਾਰਵਾਈ ਦਾ ਜ਼ਿਕਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਜਲੰਧਰ ਦੇ ਡਿਪਟੀ ਮੈਡੀਕਲ ਕਮਿਸ਼ਨਰ ਨੂੰ ਆਕਸੀਜਨ ਸਿਲੰਡਰਾਂ ਦੇ ਨਵੇਂ ਸਟਾਕ ਦੀ ਅਗਾਊਂ ਮੰਗ ਕਰਨ ਲਈ ਕਿਹਾ ਤਾਂ ਜੋ ਆਕਸੀਜਨ ਪੈਦਾ ਕਰਨ ਵਾਲੇ ਪਲਾਂਟਾਂ ਤੋਂ ਸਪਲਾਈ ਰੋਜ਼ਾਨਾ ਸਿਵਲ ਹਸਪਤਾਲ ਵਿੱਚ ਹੋ ਸਕੇ।
ਜ਼ਿਕਰਯੋਗ ਹੈ ਕਿ ਆਕਸੀਜਨ ਕੋਟਾ ਸਿਹਤ ਅਧਿਕਾਰੀਆਂ ਵੱਲੋਂ ਰੋਜ਼ਾਨਾ ਆਪਣੀ ਬੈੱਡ ਵਿਵਸਥਾ ਅਤੇ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਰਧਾਰਤ ਕੀਤਾ ਜਾਂਦਾ ਹੈ, ਜਿਸ ਨੂੰ ਤਦ ਆਕਸੀਜਨ ਜਨਰੇਸ਼ਨ ਪਲਾਂਟਾ ਵੱਲੋਂ ਪ੍ਰਦਾਨ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਰੋਜ਼ਾਨਾ ਸਵੇਰੇ 9 ਵਜੇ ਆਪਣੀ ਅਗਾਊਂ ਮੰਗ ਪੇਸ਼ ਕਰਨ ਲਈ ਕਿਹਾ ਤਾਂ ਜੋ ਇਸ ਨੂੰ ਪਲਾਂਟਾ ਤੱਕ ਪਹੁੰਚਾਇਆ ਜਾ ਸਕੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਨੋਡਲ ਅਫ਼ਸਰ ਦਰਬਾਰਾ ਸਿੰਘ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅਤੇ ਕੰਵਲਜੀਤ ਸਿੰਘ ਏ.ਈ.ਟੀ.ਸੀ ਨੂੰ ਜ਼ਿਲ੍ਹੇ ਦੇ ਸਮੁੱਚੇ ਪ੍ਰਾਈਵੇਟ ਹਸਪਤਾਲਾਂ ਨੂੰ ਆਕਸੀਜਨ ਸਿਲੰਡਰਾਂ ਦੀ ਸਪਲਾਈ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਪ੍ਰਤੀਦਿਨ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਵਿੱਚ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ।