ਡੀ ਸੀ ਫ਼ਰੀਦਕੋਟ ਵੱਲੋਂ ਅਧਿਕਾਰੀਆਂ ਨੂੰ ਟੀਕਾਕਰਨ, ਟੈਸਟਿੰਗ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼
ਪਰਵਿੰਦਰ ਸਿੰਘ ਕੰਧਾਰੀ
- 1 ਮਈ ਤੋਂ 18-45 ਉਮਰ ਵਰਗ ਦੇ ਲੋਕਾਂ ਦਾ ਹੋਵੇਗਾ ਟੀਕਾਕਰਨ, ਰਜਿਸਟ੍ਰੇਸ਼ਨ ਸ਼ੁਰੂ
ਫ਼ਰੀਦਕੋਟ , 29 ਅਪ੍ਰੈਲ - ਜਿਲ੍ਹੇ ਵਿੱਚ ਵੈਕਸੀਨੇਸ਼ਨ ਦਾ ਕੰਮ ਤੇਜ਼ ਕਰਨ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ ਜਿਸ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮਹਾਂਮਾਰੀ ਤੇ ਕਾਬੂ ਪਾਉਣ , ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਟੈਸਟਿੰਗ ,ਟੀਕਾਕਰਨ ਕਰਵਾਉਣ ਲਈ ਜਾਗਰੂਕ/ ਪ੍ਰੇਰਿਤ ਕਰਨ ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਟੀਕਾਕਰਨ ਸੈਂਟਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕਰਨ ਲਈ ਹੋਰ ਮੋਬਾਇਲ ਟੀਮਾਂ ਦਾ ਵਾਧਾ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਵੱਧ ਤੋਂ ਵੱਧ ਟੀਕਾਕਰਨ ਲਈ ਪੰਚਾਇਤਾਂ ਦਾ ਵੀ ਵਿਸ਼ੇਸ਼ ਸਹਿਯੋਗ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਵੀ ਵਾਰਡ ਵਾਈਜ਼ ਕੋਰੋਨਾ ਟੀਕਾਕਰਨ ਕੈਂਪ ਲਗਾਏ ਜਾਣ ਅਤੇ ਇਸ ਸੰਬੰਧ ਵਿਚ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਵੱਖ ਵੱਖ ਸਵੈ ਸੇਵੀ ਤੇ ਧਾਰਮਿਕ ਸੰਸਥਾਵਾਂ ਦੀ ਵੀ ਮਦਦ ਲਈ ਜਾਵੇ ।ਉਨ੍ਹਾਂ ਕੋਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਟੈਸਟਿੰਗ ਕਰਨ ਲਈ ਵੀ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਕੈਂਪ ਲਗਾਉਣ ਲਈ ਕਿਹਾ ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਤੋ ਬਚਾਓ ਦਾ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਸਰੀਰ ਤੇ ਕੋਈ ਵੀ ਮਾਰੂ ਪ੍ਰਭਾਵ ਨਹੀਂ ਪੈਂਦਾ ਬਲਕਿ ਕੋਰੋਨਾ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਸੁਰੱਖਿਆ ਲਈ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਤੇ ਇਸ ਟੀਕਾਕਰਨ ਲਈ ਡੀ.ਸੀ. ਦਫਤਰ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਮਿਤੀ 3 ਮਈ ਤੋਂ 7 ਮਈ ਤੱਕ ਅਤੇ 10 ਮਈ 2021 ਨੂੰ ਵਿਸ਼ੇਸ਼ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ, ਜਿਸ ਵਿੱਚ ਹਰੇਕ ਅਧਿਕਾਰੀ/ਕਰਮਚਾਰੀ ਆਪਣਾ ਟੀਕਾਕਰਨ ਲਾਜ਼ਮੀ ਕਰਵਾਏ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ 1 ਮਈ ਤੋਂ ਸ਼ੁਰੂ ਹੋ ਰਿਹਾ ਹੈ ਤੇ ਇਸ ਲਈ ਆਨਲਾਈਨ ਙਰਡਜਅ।ਪਰਡ।ਜਅ ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।
ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਫ਼ਰੀਦਕੋਟ ਜ਼ਲ੍ਹਿੇ ਵਿੱਚ ਕੋਵਿਡ ਟੀਕਾਕਰਨ , ਕਰੋਨਾ ਟੈਸਟਿੰਗ ,ਟ੍ਰੈਕਿੰਗ ਅਤੇ ਟ੍ਰੀਟਮੈਂਟ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ ।ਉਨ੍ਹਾ ਦੱਸਿਆ ਕਿ ਜਿਲ੍ਹੇ ਅੰਦਰ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 71 ਹਜ਼ਾਰ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ। ਜਿਲ੍ਹੇ ਅੰਦਰ ਲੋਕਾਂ ਦੇ ਦਰ 'ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ 86 ਸਥਾਨਾਂ ਸਾਰੇ ਸਰਕਾਰੀ ਸਿਹਤ ਕੇਂਦਰਾਂ, ਡਿਸਪੈਂਸਰੀਆਂ, ਹਸਪਤਾਲਾਂ ਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸ ਤੋ ਇਲਾਵਾ ਜਿਲ੍ਹੇ ਵਿੱਚ ਲੋੜ ਅਨੁਸਾਰ ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ।