ਸ਼ਹਿਰ ਦੇ ਸਮੁੱਚੇ 80 ਵਾਰਡਾਂ ਨੂੰ ਕਵਰ ਕਰਨ ਲਈ 28 ਸਥਾਈ ਟੀਕਾਕਰਨ ਕੈਂਪ ਸਥਾਪਤ : ਚੌਧਰੀ ਸੰਤੋਖ ਸਿੰਘ
- ਸੰਸਦ ਮੈਂਬਰ, ਵਿਧਾਇਕਾਂ ਨੇ ਜਲੰਧਰ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰੀ ਦਾ ਲਿਆ ਜਾਇਜ਼ਾ
- ਕਿਹਾ, ਪੰਜਾਬ ਸਰਕਾਰ ਕੋਵਿਡ ਕੇਸਾਂ ਵਿੱਚ ਹੋਏ ਵਾਧੇ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ
ਜਲੰਧਰ, 29 ਅਪ੍ਰੈਲ 2021 - ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਸਮੂਹ ਲੋਕਾਂ ਨੂੰ ਦੇਸ਼ ਵਿੱਚ 1 ਮਈ, 2021 ਤੋਂ ਸ਼ੁਰੂ ਹੋਣ ਵਾਲੀ ਮੈਗਾ ਟੀਕਾਕਰਨ ਮੁਹਿੰਮ ਲਈ ਰਜਿਸਟਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਇਰਸ ਦੀ ਦੂਜੀ ਲਹਿਰ ਤੋਂ ਉਪਜੇ ਮੌਜੂਦਾ ਸਿਹਤ ਸੰਕਟ ਨਾਲ ਨਜਿੱਠਣ ਲਈ ਟੀਕਾਕਰਨ ਹੀ ਇਕੋ ਇਕ ਹੱਲ ਹੈ।
ਸੰਸਦ ਮੈਂਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਜ਼ਿਲ੍ਹੇ ਵਿਚ ਕੋਵਿਡ -19 ਦੀ ਦੂਸਰੀ ਲਹਿਰ ਨਾਲ ਨਜਿੱਠਣ ਲਈ ਪ੍ਰਸ਼ਾਸਨ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਸੰਸਦ ਮੈਂਬਰ ਨੇ ਵਾਇਰਸ ਖ਼ਿਲਾਫ਼ ਇਸ ਜੰਗ ਨੂੰ ਜਿੱਤਣ ਲਈ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ, ਵਿਧਾਇਕ ਰਜਿੰਦਰ ਬੇਰੀ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਸੁਰਿੰਦਰ ਚੌਧਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ. ਡਾ. ਸੰਦੀਪ ਗਰਗ ਅਤੇ ਡੀ.ਸੀ.ਪੀ. ਗੁਰਮੀਤ ਸਿੰਘ ਵੀ ਮੌਜੂਦ ਸਨ।
ਸੰਸਦ ਮੈਂਬਰ ਨੇ ਟੀਕਾਕਰਨ ਮੁਹਿੰਮ ਵਿਚ ਲੋਕ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਟੀਕਾਕਰਨ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕਾਕਰਨ ਸ਼ੁਰੂ ਹੋਣ 'ਤੇ ਟੀਕਾ ਲਗਵਾਉਣ ਲਈ ਉਹ ਆਪਣੇ ਆਪ ਨੂੰ www.cowin.gov.in 'ਤੇ ਰਜਿਸਟਰ ਕਰਨ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਤੋਂ ਸੁਰੱਖਿਆ ਲਈ ਉਹ ਕਾਫੀ ਸਮਾਂ ਪਹਿਲਾਂ ਟੀਕਾ ਲਗਵਾ ਚੁੱਕੇ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਸਦ ਮੈਂਬਰ ਅਤੇ ਵਿਧਾਇਕਾਂ ਨੂੰ ਦੱਸਿਆ ਕਿ ਸ਼ਹਿਰ ਦੇ ਸਮੁੱਚੇ 80 ਵਾਰਡਾਂ ਨੂੰ ਕਵਰ ਕਰਨ ਲਈ ਵੱਖ-ਵੱਖ ਥਾਵਾਂ 'ਤੇ 28 ਸਥਾਈ ਮੋਬਾਈਲ ਟੀਕਾਕਰਨ ਕੈਂਪ ਸ਼ੁਰੂ ਕੀਤੇ ਗਏ ਹਨ। ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਇਨ੍ਹਾਂ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਮੂਹ ਕੌਂਸਲਰਾਂ, ਸਰਪੰਚਾਂ ਸਮੇਤ ਲੋਕ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਕਿਹਾ। ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲੈਣ ਉਪਰੰਤ ਸੰਸਦ ਮੈਂਬਰ ਨੇ ਕਿਹਾ ਕਿ ਦੂਜੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹੇ ਵਿਚ ਲੋੜੀਂਦੀ ਗਿਣਤੀ ਵਿੱਚ ਬੈੱਡ ਅਤੇ ਆਕਸੀਜਨ ਸਿਲੰਡਰ ਉਪਲਬਧ ਹਨ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਸੰਸਦ ਮੈਂਬਰ ਨੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ ਸਰਕਾਰੀ ਪ੍ਰੋਟੋਕਾਲਜ਼, ਕਰਫਿਊ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵਾਇਰਸ ਨੂੰ ਫੈਲਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਜਿਕ ਸਮਾਗਮਾਂ ਵਿੱਚ ਇਕੱਠਾਂ 'ਤੇ ਸਖ਼ਤ ਨਜ਼ਰ ਰੱਖਦਿਆਂ ਸੂਬਾ ਸਰਕਾਰ ਵੱਲੋਂ ਵੀਕਐਂਡ ਲਾਕਡਾਊਨ ਦੀਆਂ ਪਾਬੰਦੀਆਂ ਅਤੇ ਰਾਤ ਦੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ।
ਸੰਸਦ ਮੈਂਬਰ ਨੇ ਇਸ ਮਹਾਂਮਾਰੀ ਦੇ ਦੌਰ ਵਿੱਚ ਬਿਹਤਰੀਨ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਦੂਜੀ ਲਹਿਰ ਦਾ ਕੁਸ਼ਲਤਾ ਨਾਲ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਹਾਲਾਂਕਿ, ਉਨ੍ਹਾਂ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਮੁਫ਼ਤ ਮੁਹੱਈਆ ਕਰਾਉਣ ਦਾ ਐਲਾਨ ਲੋਕਾਂ ਵਿੱਚ ਟੀਕਾਕਰਨ ਨੂੰ ਉਤਸ਼ਾਹਤ ਕਰਨ ਦਾ ਇੱਕ ਮਹੱਤਵਪੂਰਣ ਫੈਸਲਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ. ਡਾ. ਜੈ ਇੰਦਰ ਸਿੰਘ, ਗੌਤਮ ਜੈਨ, ਡਾ. ਵਿਨੀਤ ਬਜਾਜ ਅਤੇ ਡਾ. ਸੰਜੀਵ ਸ਼ਰਮਾ, ਸਿਵਲ ਸਰਜਨ ਡਾ. ਬਲਵੰਤ ਸਿੰਘ, ਕਾਂਗਰਸੀ ਆਗੂ ਵਿਕਰਮਜੀਤ ਚੌਧਰੀ, ਜਗਬੀਰ ਬਰਾੜ ਅਤੇ ਹੋਰ ਮੌਜੂਦ ਸਨ।