ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਪਿੱਛੋਂ ਨਿਯਮਾਂ ਅਨੁਸਾਰ ਕੀਤਾ ਜਾਵੇ ਸਸਕਾਰ : ਡੀਸੀ- ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 30 ਅਪਰੈਲ 2021 - ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਹੁਣ ਤੱਕ ਕੀਤੇ ਜਾ ਰਹੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਰੀਵਿਊ ਕਰਦਿਆਂ ਕਰੋਨਾ ਮਹਾਂਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਬੰਧਤ ਟੀਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਖ਼ਾਸ ਤੌਰ ਤੇ ਜਾਣੂ ਕਰਵਾਉਣ ਕਿ ਜੇਕਰ ਕਿਸੇ ਵੀ ਕਰੋਨਾ ਪਾਜੀਟਿਵ ਵਿਅਕਤੀ ਦੀ ਮੌਤ ਹੁੰਦੀ ਹੈ ਤਾਂ ਉਸ ਦਾ ਸਸਕਾਰ ਆਪਣੇ ਪੱਧਰ ਤੇ ਨਾ ਕੀਤਾ ਜਾਵੇ, ਸਗੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀਆਂ ਪਾਲਣਾਂ ਅਨੁਸਾਰ ਹੀ ਕਰਨਾ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਵਧਾਏ ਗਏ ਬੈਡਾਂ ਦੀ ਸਥਿਤੀ ਨੂੰ ਆਨ-ਲਾਇਨ ਅਪਡੇਟ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਟੀਮ ਇੰਚਾਰਜ ਨੂੰ ਕਿਹਾ ਕਿ ਉਹ ਘਰਾਂ ਵਿਚ ਇਕਾਂਤਵਾਸ ਲੋੜਵੰਦ ਵਿਅਕਤੀਆਂ ਨੂੰ ਫੂਡ ਕਿੱਟਾਂ ਮੁਹੱਈਆ ਕਰਵਾਉਣਾ ਸੁਨਿਸ਼ਚਿਤ ਕਰਨ।
ਜ਼ਿਲ੍ਹੇ ਅੰਦਰ ਆਕਸੀਜ਼ਨ ਦੀ ਨਿਗਰਾਨੀ ਲਈ ਬਣਾਈ ਗਈ ਕਮੇਟੀ ਦੇ ਨੁਮਾਂਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਕਸੀਜ਼ਨ ਗੈਸ ਸਿਲੰਡਰਾਂ ਨੂੰ ਲੋੜ ਤੇ ਮੰਗ ਅਨੁਸਾਰ ਹੀ ਵਰਤਿਆ ਜਾਣਾ ਯਕੀਨੀ ਬਣਾਉਣ ਤਾਂ ਜੋ ਐਮਰਜੈਂਸੀ ਹਾਲਤਾਂ ਵਿਚ ਆਕਸੀਜਨ ਗੈਸ ਨੂੰ ਵਰਤੋਂ ਵਿਚ ਲਿਆਂਦਾ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਚ ਇਕਾਂਤਵਾਸ ਮਰੀਜ਼ਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਸਥਾਪਤ ਕੀਤੇ ਗਏ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵਲੋਂ ਮਰੀਜ਼ਾਂ ਕੋਲੋ ਫ਼ੋਨ ਕਾਲ ਰਾਹੀਂ ਮੰਗੀ ਜਾਣ ਵਾਲੀ ਜਾਣਕਾਰੀ ਸਹੀ ਤੇ ਸਮੇਂ ਅਨੁਸਾਰ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ।
ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ, ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਅਰਸ਼ੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ, ਬੀ.ਡੀ.ਪੀ.ਓ, ਅਭਿਨਵ ਅਤੇ ਜ਼ਿਲ੍ਹਾ ਕੰਟਰੋਲ ਰੂਮ ਇੰਚਾਰਜ ਗੁਰਦੀਪ ਸਿੰਘ ਮਾਨ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਹਾਜ਼ਰ ਸਨ।