ਕੋਵਿਡ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਹੈਲਪਲਾਈਨ ਨੰਬਰ ਜਾਰੀ
ਗੌਰਵ ਮਾਣਿਕ
- 9 ਤੋਂ 5 ਵਜੇ ਤੱਕ 01632-244039 ਤੇ ਕੀਤਾ ਜਾ ਸਕਦਾ ਹੈ ਸੰਪਰਕ , ਪਹਿਲਾਂ ਜਾਰੀ ਕੀਤੇ ਗਏ ਨੰਬਰ ਨੂੰ ਬਦਲਿਆ ਗਿਆ
ਫਿਰੋਜ਼ਪੁਰ 30 ਅਪ੍ਰੈਲ 2021 --- ਜ਼ਿਲ੍ਹੇ ਵਿੱਚ ਕੋਵਿਡ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ.) ਰਾਜਦੀਪ ਕੌਰ ਨੇ ਦੱਸਿਆ ਕਿ ਕੋਵਿਡ-19 (ਕਰੋਨਾ) ਦੇ ਸਬੰਧੀ ਜੇਕਰ ਕਿਸੇ ਨੂੰ ਕੋਈ ਸਹਾਇਤਾ ਚਾਹੀਦੀ ਹੈ ਜਾਂ ਇਸ ਸਬੰਧੀ ਕੋਈ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਇਸ ਸਬੰਧੀ ਸਵੇਰੇ 9 ਵਜੇ ਤੋਂ 5 ਵਜੇ ਤੱਕ ਕੰਮ ਵਾਲੇ ਸਮੇਂ ਦੌਰਾਨ 01632-244039 ਤੇ ਸੰਪਰਕ ਕਰ ਸਕਦਾ ਹੈ, ਇਸ ਸਬੰਧੀ ਪਹਿਲਾਂ ਜਾਰੀ ਕੀਤੇ ਗਏ ਨੰਬਰ ਨੁੰ ਬਦਲ ਦਿੱਤਾ ਗਿਆ ਹੈ ਅਤੇ ਹੁਣ ਇਸ ਨੰਬਰ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਜ਼ਰੂਰਤ ਪਈ ਤਾਂ ਉਕਤ ਹੈਲਪਲਾਈਨ ਨੰਬਰ ਨੂੰ 24 ਘੰਟੇ ਚਲਾਉਣ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਆਕਸੀਜਨ ਸਿਲੰਡਰ ਜਾਂ ਇਸ ਸਬੰਧੀ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਵੀ ਉਕਤ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਸਾਨੂੰ ਸਾਰਿਆਂ ਨੂੰ ਮਾਸਕ, ਸੈਨੇਟਾਈਜ਼ਰ, ਸਾਬਣ ਆਦਿ ਦੀ ਸਮੇਂ-ਸਮੇਂ ਤੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਦੇ ਪ੍ਰਭਾਵ ਨੂੰ ਦੇਖਦਿਆਂ ਸਰਕਾਰ ਵੱਲੋਂ ਵੈਕਸੀਨੇਸ਼ਨ ਮੁਹਿੰਮ ਆਰੰਭੀ ਗਈ ਹੈ। ਸਾਨੂੰ ਸਾਰਿਆਂ ਨੂੰ ਆਪਣੀ ਆਪ ਨੂੰ ਕਰੋਨਾ ਵੈਕਸੀਨ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਤੇ ਇਹ ਵੈਕਸੀਨ ਬਿਲਕੁਲ ਸੁਰੱਖਿਅਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਅਫਵਾਹਾਂ ਕੋਵਿਡ ਵੈਕਸੀਨ ਨੂੰ ਲੈ ਕੇ ਫੈਲਾਈਆਂ ਗਈਆਂ ਹਨ, ਉਨ੍ਹਾਂ ਵੱਲ ਬਿਲਕੁਲ ਧਿਆਨ ਨਾ ਦੇਣ ਅਤੇ ਵੱਧ ਤੋਂ ਵੱਧ ਵੈਕਸੀਨ ਕਰਵਾਉਣ ਤਾਂ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਈ ਜਾ ਸਕੇ।