ਐਸ.ਏ.ਐਸ.ਨਗਰ: 18 ਸਾਲ ਤੋਂ ਵੱਧ ਦੇ ਉਮਰ ਵਰਗ ਦੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ
ਹਰਜਿੰਦਰ ਸਿੰਘ ਭੱਟੀ
- ਟੀਕਾਕਰਨ ਕੁਝ ਦਿਨਾਂ ਵਿਚ ਸ਼ੁਰੂ ਹੋਵੇਗਾ
- 45 ਸਾਲ ਤੋਂ ਵੱਧ ਦੇ ਉਮਰ ਵਰਗ ਲਈ ਟੀਕਾਕਰਨ ਜਾਰੀ ਕਰੇਗਾ
ਐਸ.ਏ.ਐਸ.ਨਗਰ, 30 ਅਪ੍ਰੈਲ 2021 - 1 ਮਈ ਤੋਂ ਸ਼ੁਰੂ ਹੋਣ ਵਾਲਾ 18 ਤੋਂ 44 ਸਾਲ ਦੇ ਉਮਰ ਵਰਗ ਲਈ ਕੋਵਿਡ ਟੀਕਾਕਰਨ ਕੁਝ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ।
ਉਨ੍ਹਾਂ ਕਿਹਾ ਕਿ 18 ਤੋਂ 44 ਸਾਲ ਦੇ ਉਮਰ ਵਰਗ ਦੇ ਟੀਕਾਕਰਨ ਲਈ ਖਰੀਦੇ ਜਾਣ ਵਾਲੇ ਕੋਵਿਡ ਟੀਕੇ ਦਾ ਸਟਾਕ ਸੂਬਾ ਪੱਧਰ 'ਤੇ ਪ੍ਰਾਪਤ ਨਹੀਂ ਹੋਇਆ ਜਿਸ ਕਾਰਨ ਸਟਾਕ ਮਿਲਣ ਤੋਂ ਬਾਅਦ ਹੀ ਉਨ੍ਹਾਂ ਦਾ ਟੀਕਾਕਰਨ ਸ਼ੁਰੂ ਹੋਵੇਗਾ ਪਰ ਉਹ ਆਪਣੀ ਰਜਿਸਟ੍ਰੇਸ਼ਨ ਪੋਰਟਲ 'ਤੇ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਇਸ ਦੌਰਾਨ 45 ਸਾਲ ਤੋਂ ਵੱਧ ਉਮਰ ਵਲਿਆਂ ਦਾ ਮੁਫ਼ਤ ਟੀਕਾਕਰਨ ਜਾਰੀ ਹੈ ਅਤੇ ਇਹ ਨਿਰੰਤਰ ਚੱਲਦਾ ਰਹੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਪ੍ਰਤੀ ਮਿਲੀਅਨ ਆਬਾਦੀ ਪਿੱਛੇ ਟੀਕਾਕਰਨ ਵਿਚ ਸੂਬੇ ਭਰ ਵਿੱਚੋਂ ਮੋਹਰੀ ਹਾਂ। ਜ਼ਿਲ੍ਹੇ ਵਿੱਚ ਹੁਣ ਤੱਕ 2 ਲੱਖ ਤੋਂ ਵੱਧ ਵਿਅਕਤੀਆਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ ਜਿਸ ਵਿੱਚ ਸਿਹਤ ਸੰਭਾਲ ਕਰਮਚਾਰੀ, ਫਰੰਟਲਾਈਨ ਵਰਕਰਾਂ ਦੇ ਨਾਲ ਨਾਲ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਸ਼ਾਮਲ ਹਨ। 18 ਸਾਲ ਤੋਂ ਵੱਧ ਦੇ ਉਮਰ ਵਰਗ ਦੇ ਕੋਵਿਡ ਟੀਕਾਕਰਨ ਸਬੰਧੀ ਲੋੜੀਂਦਾ ਸਟਾਫ ਅਤੇ ਬੁਨਿਆਦੀ ਢਾਂਚਾ ਤਿਆਰ-ਬਰ-ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਸਾਰੇ ਬਾਲਗਾਂ ਦੇ ਟੀਕਾਕਰਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ।