ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਦੇ ਇਲਾਜ ਸਬੰਧੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਨਾਗਰਾ
ਦੀਦਾਰ ਗੁਰਨਾ
- ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਪਿੰਡ ਚਨਾਰਥਲ ਕਲਾਂ ਦੇ ਹਸਪਤਾਲ ਦਾ ਦੌਰਾ
ਫ਼ਤਹਿਗੜ੍ਹ ਸਾਹਿਬ, 24 ਮਈ 2021 - ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਮਾਤ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਰੋਨਾ ਨੂੰ ਹਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿਚਲੀਆਂ ਸਿਹਤ ਸੰਸਥਾਵਾਂ ਵਿੱਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ ਅਤੇ ਜਿੱਥੇ ਕਿਤੇ ਕੋਈ ਕਮੀ ਹੈ, ਉਹ ਦੂਰ ਕੀਤੀ ਜਾ ਰਹੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਬੀਤੇ ਦਿਨ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨਾਲ ਪਿੰਡ ਚਨਾਰਥਲ ਕਲਾਂ ਦੇ ਸਰਕਾਰੀ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ।
ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਇਹ ਹਸਪਤਾਲ ਕੇਵਲ ਇਸੇ ਪਿੰਡ ਦੇ ਲੋਕਾਂ ਨੂੰ ਹੀ ਸਿਹਤ ਸਹੂਲਤਾਂ ਮੁਹਇਆ ਨਹੀਂ ਕਰਵਾ ਰਿਹਾ ਸਗੋਂ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਸਹੂਲਤਾਂ ਮੁਹਈਆ ਕਰਵਾ ਰਿਹਾ ਹੈ। ਇਸ ਹਸਪਤਾਲ ਵੱਲੋਂ ਕਰੋਨਾ ਸਬੰਧੀ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ ਤੇ ਕਰੋਨਾ ਮਰੀਜ਼ਾਂ ਨੂੰ ਤੈਅ ਪ੍ਰਕਿਰਿਆ ਮੁਤਾਬਕ ਸੰਭਾਲਿਆ ਜਾ ਰਿਹਾ ਹੈ।
ਸ. ਨਾਗਰਾ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਔਕਸੀਜ਼ਨ ਸੰਬੰਧਿਤ ਕੋਈ ਦਿੱਕਤ ਨਹੀ ਹੈ ਅਤੇ ਨਾ ਹੀ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਆਉਣ ਦਿੱਤੀ ਜਾਵੇਗੀ।
ਹਲਕਾ ਵਿਧਾਇਕ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਬੈਡ ਮੌਜੂਦ ਹਨ ਹਾਲਾਂਕਿ ਮੁੱਢਲੇ ਪੜਾਅ ਦੇ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ ਅਤੇ ਇਲਾਜ ਸਬੰਧੀ ਕਰੋਨਾ ਫ਼ਤਹਿ ਕਿਟ ਮੁਹਈਆ ਕਰਵਾਈ ਜਾਂਦੀ ਹੈ।
ਹਸਪਤਾਲ ਦਾ ਦੌਰਾ ਕਰਦਿਆਂ ਜਿੱਥੇ ਉਹਨਾਂ ਕੋਵਿਡ ਵੈਕਸੀਨੇਸ਼ਨ ਮੁਹਿੰਮ ਦਾ ਜਾਇਜ਼ਾ ਲਿਆ, ਉਥੇ ਹਸਪਤਾਲ ਸਬੰਧੀ ਕਮੀਆਂ ਨੂੰ ਦੇਖਦਿਆਂ ਸਮੀਖਿਆ ਰਿਪੋਰਟ ਤਿਆਰ ਕੀਤੀ ਅਤੇ ਇਨ੍ਹਾਂ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਸਟਾਫ ਨਾਲ ਗੱਲਬਾਤ ਵੀ ਕੀਤੀ ਅਤੇ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਖਿਆ।
ਇਸ ਮੌਕੇ ਪਿੰਡ ਦੀ ਪੰਚਾਇਤ ਨੇ ਮੰਗ ਰੱਖੀ ਕਿ ਹਸਪਤਾਲ ਵਿੱਚ ਡਾਕਟਰਾਂ ਦੀ ਗਿਣਤੀ ਵਧਾਈ ਜਾਵੇ ਅਤੇ ਨਾਲ ਹੀ ਆਧੂਨਿਕ ਸਹੂਲਤਾਂ ਵਾਲੀ ਐਂਬੂਲੈਂਸ ਮੁਹਈਆ ਕਾਰਵਾਈ ਜਾਵੇ। ਵਿਧਾਇਕ ਨਾਗਰਾ ਨੇ ਇਹ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ,ਐੱਸ.ਡੀ.ਐੱਮ ਡਾ.ਸੰਜੀਵ ਕੁਮਾਰ,ਐੱਸ.ਐੱਮ.ਓ ਡਾ.ਰਵਿੰਦਰ ਕੌਰ,ਵਿਧਾਇਕ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ,
ਮਾਰਕਿਟ ਕਮੇਟੀ ਦੇ ਵਾਈਸ ਚੇਅਰਮੈਨ ਇੰਦਰਪਾਲ ਸਿੰਘ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਪਰਮਜੀਤ ਸਿੰਘ,ਕਰਮਜੀਤ ਸਿੰਘ,ਰਣਜੀਤ ਸਿੰਘ ਸਾਰੇ ਪੰਚ,ਕ੍ਰਿਸ਼ਨ ਲਾਲ,ਕਰਨਵੀਰ ਸਿੰਘ ਆਦਿ ਹਾਜ਼ਰ ਸਨ।