ਡੇਰਾ ਪ੍ਰੇਮੀਆਂ ਵੱਲੋਂ ਲਾਏ ਕੈਂਪ ’ਚ 165 ਵਿਅਕਤੀਆਂ ਦਾ ਟੀਕਾਕਰਨ
ਅਸ਼ੋਕ ਵਰਮਾ
ਬਠਿੰਡਾ, 5 ਜੂਨ2021: ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸਿਹਤ ਵਿਭਾਗ ਵੱਲੋਂ ਸਮਾਜਿਕ, ਧਾਰਮਿਕ ਸੰਸਥਾਵਾਂ ਅਤੇ ਕਲੱਬਾਂ ਆਦਿ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਲਾਉਣ ਲਈ ਲਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਇੱਥੇ ਮਲੋਟ ਰੋਡ ’ਤੇ ਸਥਿਤ ਡੇਰਾ ਸੱਚਾ ਸੌਦਾ ਦੇ ਨਾਮ ਚਰਚਾ ਘਰ ’ਚ ਬਲਾਕ ਬਠਿੰਡਾ ਨਾਲ ਸਬੰਧਤ ਡੇਰਾ ਪ੍ਰੇਮੀਆਂ ਨੇ ਵੈਕਸੀਨੇਸ਼ਨ ਕੈਂਪ ਲਾਇਆ ਜਿਸ ’ਚ 165 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ।
ਡੇਰੇ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰਾਂ ਵੱਲੋਂ ਕਰੋਨਾ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਬਲਾਕ ਦੇ 15 ਮੈਂਬਰ ਨਰਿੰਦਰ ਕੁਮਾਰ ਅਤੇ ਬਲਾਕ ਆਗੂ ਸੁਨੀਲ ਕੁਮਾਰ ਨੇ ਦੱਸਿਆ ਕਿ ਵਿਸ਼ਵ ਭਰ ’ਚ ਫੈਲੀ ਕੋਰੋਨਾ ਮਹਾਂਮਾਰੀ ਦੇ ਕਹਿਰ ਤਹਿਤ ਭਾਰਤ ਦੇਸ਼ ਵਾਸੀਆਂ ਨੂੰ ਬਚਾਉਣ ਤਹਿਤ ਲਗਾਈ ਜਾ ਰਹੀ ਕੋਰੋਨਾ ਵੈਕਸੀਨ ਸਬੰਧੀ ਇਹ ਕੈਂਪ ਲਾਇਆ ਗਿਆ।
ਉਨ੍ਹਾਂ ਦੱਸਿਆ ਕਿ ਵੈਕਸੀਨ ਤੋਂ ਪਹਿਲਾਂ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਦੇ ਰੈਪਿਡ ਟੈਸਟ ਵੀ ਕੀਤੇ । ਇਸ ਮੌਕੇ 45 ਮੈਂਬਰ ਪੰਜਾਬ ਗੁਰਦੇਵ ਸਿੰਘ , ਗੁਰਮੇਲ ਸਿੰਘ , ਰਣਜੀਤ ਸਿੰਘ ਅਤੇ ਸੇਵਕ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 165 ਵਿਅਕਤੀਆਂ ਨੇ ਅੱਜ ਕੋਰੋਨਾ ਵੈਕਸੀਨ ਲਗਵਾਈ ਹੈ ਜਦੋਂਕਿ ਇਸ ਮਾਾਮਲੇ ’ਚ ਹੋਰਨਾਂ ਨੂੰ ਵੀ ਟੀਕਾਕਰਨ ਲਈ ਪ੍ਰੇਰਿਤ ਕੀਂਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਟੀਕਾਕਰਨ ਕਰਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਦੱਸੇ ਅਨੁਸਾਰ ਮਾਸਕ ਪਹਿਨ ਕੇ ਰੱਖਣ, ਵਾਰ ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਵੀ ਕੀਤੀ ਹੈ।