ਸ਼੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੀ ਹਰ ਪਾਸੇ ਹੋ ਰਹੀ ਨਿਖੇਧੀ
- ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਿੱਤੀ ਘਟਨਾ ਦੀ ਜਾਣਕਾਰੀ
- ਅਮਿਤ ਸ਼ਾਹ ਨੇ ਕਿਹਾ- ਪੂਰੀ ਮਦਦ ਕਰਾਂਗੇ
- ਇੰਗਲੈਂਡ ਦੀ ਪਹਿਲੀ ਸਿੱਖ ਮਹਿਲਾ ਐਮਪੀ ਪ੍ਰੀਤ ਗਿੱਲ ਨੇ ਇਸ ਘਟਨਾ ਨੂੰ ਕਿਹਾ ਭਿਆਨਕ
- ਕੈਪਟਨ ਅਮਰਿੰਦਰ ਸਿੰਘ ਨੇ ਵੀ ਘਟਨਾ ਦੀ ਨਿੰਦਾ ਕੀਤੀ
- ਹਰਸਿਮਰਤ ਕੌਰ ਬਾਦਲ ਨੇ ਸੁੱਬਾ ਅਤੇ ਕੇਂਦਰ ਸਰਕਾਰ ਨੂੰ ਪੂਰੀ ਘਟਨਾ ਦੀ ਜਾਂਚ ਕਰਨ ਦੀ ਅਪੀਲ
- ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਆਪ ਸੁਪਰੀਮੋ ਕੇਜਰੀਵਾਲ ਨੇ ਵੀ ਘਟਨਾ ਦੀ ਕੀਤੀ ਨਿੰਦਾ
ਦੀਪਕ ਗਰਗ
ਕੋਟਕਪੂਰਾ 19 ਦਸੰਬਰ 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਸਿਰਸਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਜਾਂਚ ਲਈ ਕੇਂਦਰ ਤੋਂ ਜੋ ਵੀ ਸਹਿਯੋਗ ਚਾਹੀਦਾ ਹੈ, ਕੇਂਦਰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਘਟਨਾਵਾਂ ਸੋਚੀ ਸਮਝੀ ਸਾਜ਼ਿਸ਼ ਹਨ। ਦੋ ਦਿਨ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਦੀ ਝੀਲ ਵਿੱਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ ਅਤੇ ਹੁਣ ਇਸ ਘਟਨਾ ਨੂੰ ਅੰਜਾਮ ਦੇਣ ਦੀ ਸੋਚੀ ਸਮਝੀ ਸਾਜ਼ਿਸ਼ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸੱਚ ਸਾਹਮਣੇ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬੇਨਕਾਬ ਕਰਨਾ ਦੇਸ਼ ਲਈ ਬਹੁਤ ਜ਼ਰੂਰੀ ਹੈ।
ਇੰਗਲੈਂਡ 'ਚ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਸ ਨੇ ਵੀਡੀਓ ਦੇਖਣ ਤੋਂ ਬਾਅਦ ਇਸ ਘਟਨਾ ਨੂੰ ਭਿਆਨਕ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਕਿਸੇ ਵੀ ਪੂਜਾ ਸਥਾਨ ਜਾਂ ਭਾਈਚਾਰੇ ਨੂੰ ਇਸ ਤਰ੍ਹਾਂ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਇਹ ਨਜ਼ਾਰਾ ਭਿਆਨਕ ਹੈ ਅਤੇ ਘਟਨਾ ਅਤਿ ਨਿੰਦਣਯੋਗ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਰਬਾਰ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਸਰਕਾਰ ਨੂੰ ਇਸ ਗੱਲ ਦੀ ਤਹਿ ਤੱਕ ਪਹੁੰਚ ਕਰਨੀ ਚਾਹੀਦੀ ਹੈ ਕਿ ਉਕਤ ਵਿਅਕਤੀ ਨੇ ਅਜਿਹਾ ਘਿਨੌਣਾ ਕਾਰਾ ਕਿਉਂ ਅਤੇ ਕਿਸ ਦੇ ਇਸ਼ਾਰੇ 'ਤੇ ਕੀਤਾ? ਸੱਚ ਸਾਹਮਣੇ ਆਉਣਾ ਚਾਹੀਦਾ ਹੈ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਮੈਂ ਇਸ ਘਿਨੌਣੇ ਕਾਰੇ ਦੀ ਸਖ਼ਤ ਨਿਖੇਧੀ ਕਰਦੀ ਹਾਂ! ਸਾਡੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਪੂਰੀ ਤਰ੍ਹਾਂ ਅਸਹਿਣਯੋਗ ਹੈ। ਮੈਂ ਸੁੱਬਾ ਅਤੇ ਕੇਂਦਰ ਸਰਕਾਰ ਨੂੰ ਪੂਰੀ ਘਟਨਾ ਦੀ ਜਾਂਚ ਕਰਨ ਦੀ ਅਪੀਲ ਕਰਦੀ ਹਾਂ। ਦੋਸ਼ੀ ਕੋਲ ਕੋਈ ਆਈਡੀ ਪਰੂਫ਼ ਨਹੀਂ ਮਿਲਿਆ, ਇਹ ਡੂੰਘੀ ਸਾਜ਼ਿਸ਼ ਨੂੰ ਦਰਸਾਉਂਦਾ ਹੈ
ਪੰਜਾਬ ਸਰਕਾਰ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਮਦਦ ਲੈਣੀ ਚਾਹੀਦੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨੀ ਚਾਹੀਦੀ ਹੈ। ਜੇਕਰ 24 ਘੰਟਿਆਂ ਦੇ ਅੰਦਰ ਇਸਦੀ ਜਾਂਚ ਨਹੀਂ ਹੁੰਦੀ ਹੈ, ਸੁਖਜਿੰਦਰ ਰੰਧਾਵਾ ਨੂੰ ਹੋਮ ਮਿਨਿਸਟਰ ਵਜੋਂ ਜਾਰੀ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ। ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਇਸ ਘਿਨਾਉਣੇ ਅਪਰਾਧ ਨੂੰ ਰੋਕਿਆ ਜਾ ਸਕਦਾ ਸੀ।
ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਜੋ ਬੇ-ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਮੈਂ ਇਸ ਘਟਨਾ ਦੀ ਕੜੇ ਸ਼ਬਦਾਂ ਚ ਨਿੰਦਾ ਕਰਦਾ ਹਾਂ, ਇਹ ਘਟਨਾ ਬੇਹੱਦ ਨਿੰਦਨਯੋਗ ਹੈ। ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਦੀ ਅੱਜ ਹੋਈ ਬੇਅਦਬੀ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਹਰ ਕੋਈ ਸਦਮੇ ਵਿੱਚ ਹੈ। ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਪ੍ਰਮਾਤਮਾ ਪੰਜਾਬ ਅਤੇ ਪੰਜਾਬੀਆਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ.....
ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ