ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 31 ਜਨਵਰੀ, 2022 : ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ਸੂਬੇ ਭਰ 'ਚ 'ਵਿਸ਼ਵਾਸਘਾਤ ਦਿਵਸ' ਮਨਾਇਆ ਗਿਆ। ਹਰੇਕ ਜਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਦਿਆਂ ਕਿਸਾਨ-ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਗਵਰਨਰ ਪੰਜਾਬ ਨੂੰ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਸਬੰਧੀ ਵੀ ਮੰਗ-ਪੱਤਰ ਭੇਜੇ ਗਏ ਅਤੇ ਮੰਗ ਕੀਤੀ ਗਈ ਕਿ ਪਹਿਲਾਂ ਹੀ ਮੰਨੀਆਂ ਮੰਗਾਂ/ਐਲਾਨਾਂ ਨੂੰ ਲਾਗੂ ਕਰਵਾਇਆ ਜਾਵੇ।
ਅੱਜ ਦੇ ਇਨ੍ਹਾਂ ਵਿਸ਼ਵਾਸਘਾਤ ਰੋਸ ਪ੍ਰਦਰਸ਼ਨਾਂ ਵਿੱਚ ਦਰਜ਼ਨਾਂ ਬੁਲਾਰਿਆਂ ਨੇ ਸੰਬੋਧਨ ਕੀਤਾ। ਵਿਸ਼ੇਸ਼ ਗੱਲ ਇਹ ਰਹੀ ਕਿ ਵਿਧਾਨ ਸਭਾ ਚੋਣਾਂ ਵਿੱਚ ਭਾਗ ਲੈ ਰਹੇ ਕਿਸੇ ਵੀ ਉਮੀਦਵਾਰ ਨੂੰ ਸਟੇਜ ਤੋਂ ਬੋਲਣ ਨਹੀਂ ਦਿੱਤਾ ਗਿਆ। ਅੱਜ ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਤਰਨਤਾਰਨ, ਮੁਕਤਸਰ ਸਾਹਿਬ, ਮੁਹਾਲੀ, ਪਠਾਨਕੋਟ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਸਾਹਿਬ, ਮੋਗਾ, ਰੋਪੜ, ਅਨੰਦਪੁਰ ਸਾਹਿਬ, ਨਵਾਂਸ਼ਹਿਰ ਜਿਲ੍ਹਿਆਂ 'ਚ ਵੱਡੀ ਗਿਣਤੀ 'ਚ ਜਿਲ੍ਹਾ ਪੱਧਰ 'ਤੇ ਕਿਸਾਨਾਂ ਨੇ ਅਰਥੀ ਫੂਕ ਮੁਜ਼ਾਹਰੇ ਕੀਤੇ, ਤਹਿਸੀਲ ਪੱਧਰ 'ਤੇ ਪ੍ਰਦਰਸ਼ਨ ਕੀਤੇ ਗਏ।
ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲੰਬਾ ਸੰਘਰਸ਼ ਕਰਦਿਆਂ ਕਿਸਾਨਾਂ ਨੇ ਕਾਲੇ ਕਨੂੰਨ ਰੱਦ ਕਰਵਾਏ ਗਏ ਤੇ ਮੋਰਚੇ ਨਾਲ ਸਬੰਧਤ ਮੰਗਾਂ ਮੰਨਣ ਅਤੇ ਸਾਰੀਆਂ ਫਸਲਾਂ ਤੇ ਐੱਮਐੱਸਪੀ ਦੀ ਗਾਰੰਟੀ ਦਾ ਕਨੂੰਨ ਬਣਾਉਣ ਦੀ ਮੰਗ ਦਾ ਲਿਖਤੀ ਭਰੋਸਾ ਸਰਕਾਰ ਵੱਲੋਂ ਦੇਣ ਉਪਰੰਤ ਹੀ ਦਿੱਲੀ ਮੋਰਚਾ ਮੁਲਤਵੀ ਕੀਤਾ ਗਿਆ ਸੀ ਪ੍ਰੰਤੂ ਦੋ ਮਹੀਨੇ ਤੋ ਵੱਧ ਸਮਾਂ ਬੀਤਣ ਤੇ ਕੇਂਦਰ ਸਰਕਾਰ ਵਲੋਂ ਨਾ ਤਾਂ ਐੱਮਐੱਸਪੀ ਦੇ ਕਾਨੂੰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਤੇ ਨਾ ਹੀ ਅੰਦੋਲਨ ਦੌਰਾਨ ਕਿਸਾਨਾਂ ਤੇ ਬਣਾਏ ਝੂਠੇ ਪੁਲਸ ਕੇਸਾਂ ਨੂੰ ਵਾਪਸ ਲਿਆ ਗਿਆ। ਉਨ੍ਹਾਂ ਕਿਹਾ ਲਖਮੀਰਪੁਰ ਖੀਰੀ ਵਿਖੇ ਕਿਸਾਨਾਂ ਤੇ ਗੱਡੀਆਂ ਚੜਾਕੇ ਸ਼ਹੀਦ ਕਰਨ ਦੀ ਸਾਜਿਸ਼ ਘੜਨ ਵਾਲਾ ਕੇਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸਰਾ ਅਜੇ ਤੱਕ ਵੀ ਕੁਰਸੀ ਤੇ ਬਿਰਾਜਮਾਨ ਹੈ। ਇਸ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਸਦੇ ਵਿਰੋਧ ਵਿਚ ਅੱਜ ਹਿੰਦੋਸਤਾਨ ਪੱਧਰ ਤੇ ਇਹ ਦਿਵਸ ਮਨਾਇਆ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਦੇ ਨਾਲ ਨਾਲ ਮੁੱਖ ਮੰਤਰੀ ਪੰਜਾਬ ਨੂੰ ਵੀ ਪੰਜਾਬ ਦੇ ਕਿਸਾਨਾਂ ਨਾਲ ਸਬੰਧਿਤ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਸੌਂਪਕੇ ਮੰਗ ਕੀਤੀ ਕਿ : ਅਸੀਂ ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਆਪ ਜੀ ਦੇ ਦਫਤਰ ਅੱਗੇ ਧਰਨਾ ਦੇਕੇ ਮੰਗ ਕਰਦੇ ਹਾਂ ਕਿ ਕਿਸਾਨਾਂ ਸਿਰ ਚੜਿਆ ਕਰਜਾ ਖਤਮ ਕੀਤਾ ਜਾਵੇ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਪੰਜ ਲੱਖ ਰੁ. ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਅਮਲ ਜਾਰੀ ਰੱਖਿਆ ਜਾਵੇ, ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦਾ ਜਾਰੀ ਹੋਇਆ ਮੁਆਵਜਾ ਜਲਦ ਕਿਸਾਨਾਂ-ਮਜਦੂਰਾਂ ਨੂੰ ਅਦਾ ਕੀਤਾ ਜਾਵੇ। ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ। ਗੰਨੇ ਦੀ ਅਦਾਇਗੀ ਦੌਰਾਨ ਮਿਲਾਂ ਵੱਲੋਂ ਕੱਟੇ ਜਾਂਦੇ 35 ਰੁਪਏ ਬੰਦ ਕੀਤੇ ਜਾਣ, ਸਿੱਧੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾਵੇ। ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ ਖੋਲ੍ਹੇ ਜਾਣ।
ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਅਨੇਕਾਂ ਥਾਵਾਂ 'ਤੇ ਭਾਰੀ ਮੀਂਹ ਕਾਰਨ ਆਲੂਆਂ, ਕਣਕ, ਹੋਰ ਫਸਲਾਂ ਅਤੇ ਸਬਜੀਆਂ ਦੀ ਫ਼ਸਲ ਬਰਬਾਦ ਹੋਈ ਹੈ।ਸਰਕਾਰ ਵੱਲੋਂ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਾਡੀ ਮੰਗ ਹੈ ਕਿ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾਕੇ ਖਰਾਬ ਹੋਈਆਂ ਸਾਰੀਆਂ ਫ਼ਸਲਾਂ ਦਾ ਮੁਆਵਜ਼ਾ ਅਦਾ ਕੀਤਾ ਜਾਵੇ। ਗੰਨੇ ਦੀ ਅਦਾਇਗੀ ਦੌਰਾਨ ਮਿਲਾਂ ਵੱਲੋਂ ਕੱਟੇ ਜਾਂਦੇ 35 ਰੁਪਏ ਬੰਦ ਕੀਤੇ ਜਾਣ, ਸਿੱਧੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾਵੇ। ਕਰੋਨਾ ਦੀ ਆੜ ਹੇਠ ਬੰਦ ਕੀਤੇ ਸਾਰੇ ਸਕੂਲ ਫੌਰੀ ਖੋਲ੍ਹੇ ਜਾਣ।