← ਪਿਛੇ ਪਰਤੋ
ਦੀਪਕ ਗਰਗ
ਕੋਟਕਪੂਰਾ 07 ਮਾਰਚ 2022: ਯੂਕਰੇਨ 'ਤੇ ਰੂਸੀ ਹਮਲਾ ਦਿਨ-ਬ-ਦਿਨ ਵਿਗੜਦਾ ਜਾ ਰਿਹਾ ਹੈ। ਇਸ ਦੌਰਾਨ ਯੂਕਰੇਨ ਨੇ ਇੱਕ ਵਾਰ ਫਿਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਦਦ ਦੀ ਅਪੀਲ ਕੀਤੀ ਹੈ। ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਪੀਐਮ ਮੋਦੀ ਨੂੰ ਰੂਸ ਨਾਲ ਗੱਲ ਕਰਨ ਅਤੇ ਇਸ ਜੰਗ ਨੂੰ ਤੁਰੰਤ ਖਤਮ ਕਰਨ ਦੀ ਬੇਨਤੀ ਕੀਤੀ। ਹੁਣ ਸਰਕਾਰੀ ਸੂਤਰਾਂ ਤੋਂ ਖ਼ਬਰ ਆ ਰਹੀ ਹੈ ਕਿ ਅੱਜ ਪੀਐਮ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ। ਇਸ ਤੋਂ ਬਾਅਦ ਉਹ ਰੂਸ ਦੇ ਰਾਸ਼ਟਰਪਤੀ ਨਾਲ ਵੀ ਗੱਲ ਕਰਨਗੇ। ਪੁਰੀ ਦੁਨੀਆ ਇਸ ਗੱਲਬਾਤ ਵੱਲ ਦੇਖ ਰਹੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਸ਼ਾਇਦ ਭਾਰਤ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਖਤਮ ਕਰਨ 'ਚ ਵੱਡੀ ਭੂਮਿਕਾ ਨਿਭਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ 'ਤੇ ਗੱਲ ਕੀਤੀ। ਇਹ ਫੋਨ ਕਾਲ ਕਰੀਬ 35 ਮਿੰਟ ਤੱਕ ਚੱਲੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਬਦਲਦੀ ਸਥਿਤੀ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਸਿੱਧੀ ਗੱਲਬਾਤ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵੱਲੋਂ ਕੀਤੀ ਮਦਦ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੇ ਯਤਨਾਂ ਵਿੱਚ ਯੂਕਰੇਨ ਦੀ ਸਰਕਾਰ ਦੇ ਨਿਰੰਤਰ ਸਮਰਥਨ ਦੀ ਮੰਗ ਕੀਤੀ ਇਸ ਤੋਂ ਪਹਿਲਾਂ ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕਰਨਗੇ। ਦੋਵਾਂ ਦੇਸ਼ਾਂ ਵਿਚਾਲੇ ਇਹ ਟੈਲੀਫੋਨ ਗੱਲਬਾਤ ਪ੍ਰਧਾਨ ਮੰਤਰੀ ਮੋਦੀ ਦੀ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਤੈਅ ਗੱਲਬਾਤ ਤੋਂ ਬਾਅਦ ਹੋਵੇਗੀ। ਦੋਵਾਂ ਨੇਤਾਵਾਂ ਦੀ ਗੱਲਬਾਤ ਦੌਰਾਨ ਭਾਰਤ ਦੀ ਤਰਜੀਹ ਯੂਕਰੇਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਕੱਢਣ ਨਾਲ ਸਬੰਧਤ ਹੋਵੇਗੀ। ਦੱਸ ਦੇਈਏ ਕਿ ਐਤਵਾਰ ਨੂੰ ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਪੀਐਮ ਮੋਦੀ ਨੂੰ ਮਦਦ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਅਸੀਂ ਪੀਐਮ ਮੋਦੀ ਨੂੰ ਰਾਸ਼ਟਰਪਤੀ ਪੁਤਿਨ ਨਾਲ ਗੱਲ ਕਰਨ ਅਤੇ ਉਨ੍ਹਾਂ ਨੂੰ ਦੱਸਣ ਦੀ ਬੇਨਤੀ ਕਰਦੇ ਹਾਂ ਕਿ ਇਹ ਜੰਗ ਕਿਸੇ ਦੇ ਹਿੱਤ ਵਿੱਚ ਨਹੀਂ ਹੈ। ਇਸ ਜੰਗ ਵਿੱਚ ਜੇਕਰ ਕੋਈ ਦਿਲਚਸਪੀ ਰੱਖਦਾ ਹੈ ਤਾਂ ਉਹ ਸਿਰਫ਼ ਰਾਸ਼ਟਰਪਤੀ ਪੁਤਿਨ ਹੈ। ਰੂਸ ਦੇ ਲੋਕ ਵੀ ਇਸ ਜੰਗ ਦਾ ਵਿਰੋਧ ਕਰ ਰਹੇ ਹਨ।
Total Responses : 267