ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਭਗਵੰਤ ਸਿੰਘ ਮਾਨ ਨੂੰ ਜਿੱਤ ਦੀ ਦਿੱਤੀ ਵਧਾਈ
ਅੰਮ੍ਰਿਤਸਰ, 10 ਮਾਰਚ 2022 - ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਭਾਵੀ ਮੁਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦੇਂਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਲੋਕ ਫਤਵਾ ਹਰੇਕ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਪੀਲ ਤੇ ਲੋਕਾਂ ਨੇ ਉਨ੍ਹਾਂ ਨੂੰ ਭਰਵਾ ਹੁੰਗਾਰਾ ਤੇ ਵੋਟ ਸਾਥ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਸੁਧਾਰ ਅਤੇ ਇੱਕ ਚੰਗੀ ਸਰਕਾਰ ਦੀਆਂ ਲੋਕਾਂ ਨੂੰ ਵੱਡੀਆਂ ਆਸਾਂ ਹਨ।ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੂੰ ਜਿੱਤ ਦਾ ਵੱਡਾ ਫਤਵਾ ਮਿਲਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ੍ਰ. ਭਗਵੰਤ ਸਿੰਘ ਮਾਨ ਨੂੰ ਮੁਖ ਮੰਤਰੀ ਦਾ ਸੇਹਰਾ ਬੱਝਾ ਹੈ।ਹੁਣ ਲੋਕਾਂ ਦੀ ਭਾਵਨਾਵਾਂ ਅਨੁਸਾਰ ਕੰਮ ਕਰਨਾ ਕੇਜਰੀ ਵਾਲ ਤੇ ਭਗਵੰਤ ਮਾਨ ਦੀ ਟੀਮ ਦੀ ਨੈਤਿਕ ਜ਼ੁੰਮੇਵਾਰੀ ਹੈ ਅਤੇ ਕੀਤੇ ਵਾਅਦਿਆਂ ਨੂੰ ਸਰਅੰਜਾਮ ਦੇਣਾ ਚਾਹੀਦਾ ਹੈ।