ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸ਼ਰਾਬ ਦੇ ਠੇਕੇਦਾਰਾਂ ਨੂੰ ਚੋਣ ਜ਼ਾਬਤੇ ਦੌਰਾਨ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ
- ਸ਼ਰਾਬ ਦੀ ਵਿਕਰੀ ਲਈ ਕਿਸੇ ਵੀ ਹਾਲਤ ਵਿੱਚ ਕੋਈ ਟੋਕਨ ਜਾਂ ਕੂਪਨ ਨਾ ਵਰਤਿਆ ਜਾਵੇ: ਜਤਿੰਦਰ ਜੋਰਵਾਲ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 28 ਮਈ, 2022: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਜ਼ਿਲ੍ਹੇ ਦੇ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਦਾ ਕੰਮ ਬਹੁਤ ਸੰਵੇਦਨਸ਼ੀਲ ਹੈ ਅਤੇ ਸ਼ਰਾਬ ਦੀ ਹਰ ਵਿਕਰੀ ਦੀ ਹਰ ਛੋਟੀ-ਵੱਡੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਸ਼ਰਾਬ ਦੀ ਵਿਕਰੀ ਲਈ ਕਿਸੇ ਵੀ ਹਾਲਤ ਵਿੱਚ ਕੋਈ ਟੋਕਨ ਜਾਂ ਕੂਪਨ ਨਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਹੋਣ ਦੀ ਕੋਈ ਵੀ ਸੂਚਨਾ ਮਿਲੀ ਤਾਂ ਸਬੰਧਤ ਠੇਕੇਦਾਰ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਟਾਕ ਰਜਿਸਟਰ ਅਪ ਟੂ ਡੇਟ ਰੱਖਣ ਦੇ ਨਾਲ-ਨਾਲ ਸ਼ਰਾਬ ਦੇ ਠੇਕੇਦਾਰ ਵਿਕਰੀ ਵਿੱਚ ਹੋਏ ਅਚਾਨਕ ਵਾਧੇ ਬਾਰੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਤੇ ਆਬਕਾਰੀ ਵਿਭਾਗ ਨੂੰ ਸੂਚਿਤ ਕਰਨਗੇ।
ਸ਼੍ਰੀ ਜੋਰਵਾਲ ਨੇ ਕਿਹਾ ਕਿ ਵੋਟਿੰਗ ਤੇ ਗਿਣਤੀ ਵਾਲੇ ਦਿਨ ਠੇਕੇ ਕਿਸੇ ਵੀ ਕੀਮਤ ‘ਤੇ ਨਾ ਖੋਲ੍ਹੇ ਜਾਣ ਤੇ ਵਿਸਥਾਰਤ ਲਿਖਤੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਆਬਕਾਰੀ ਵਿਭਾਗ ਦੇ ਅਧਿਕਾਰੀ ਤੇ ਜ਼ਿਲ੍ਹੇ ‘ਚ ਅਲਾਟ ਹੋਏ ਸਮੂਹ ਠੇਕਿਆਂ ਦੇ ਠੇਕੇਦਾਰ ਹਾਜ਼ਰ ਸਨ।