ਹੜ੍ਹਾਂ ਦੀ ਔਖੀ ਘੜੀ ’ਚ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਡਟੀਆਂ ਗੈਰ ਸਰਕਾਰੀ ਸੰਸਥਾਵਾਂ : ਡਾ. ਬਲਬੀਰ ਸਿੰਘ
- ਸਿਹਤ ਮੰਤਰੀ ਨੇ ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
- ਕਿਹਾ, ਹੜ੍ਹਾਂ ਦੌਰਾਨ ਗੈਰ ਸਰਕਾਰੀ ਸੰਸਥਾਵਾਂ, ਆਈ.ਐਮ.ਏ ਨੇ ਅੱਗੇ ਹੋ ਕੇ ਹੜ੍ਹ ਪੀੜਤਾਂ ਦੀ ਫੜ੍ਹੀ ਬਾਂਹ
ਹੁਸ਼ਿਆਰਪੁਰ, 20 ਜੁਲਾਈ 2023 - ਸੂਬੇ ਵਿਚ ਆਏ ਹੜ੍ਹਾਂ ਦੀ ਔਖੀ ਘੜੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਸਮੁੱਚੇ ਪੰਜਾਬ ਦਾ ਦੌਰਾ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿਚ ਸਿਹਤ ਅਧਿਕਾਰੀਆਂ, ਗੈਰ ਸਰਕਾਰੀ ਸੰਸਥਾਵਾਂ, ਆਈ.ਐਮ.ਏ ਦੇ ਨੁਮਾਇੰਦਿਆਂ, ਕੈਮਿਸਟ ਐਸੋਸੀਏਸ਼ਨ ਅਤੇ ਹੋਰ ਸੰਸਥਾਵਾਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ। ਇਸ ਦੌਰਾਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਹੋਰ ਪਤਵੰਤੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸਿਹਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ਵਿਚ ਜਿਥੇ ਪੰਜਾਬ ਸਰਕਾਰ ਅਤੇ ਸਮੁੱਚੇ ਪ੍ਰਸ਼ਾਸਨਿਕ ਅਮਲੇ ਨੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਦਿਨ-ਰਾਤ ਇਕ ਕੀਤਾ ਹੈ, ਉਥੇ ਗੈਰ ਸਰਕਾਰੀ ਸੰਸਥਾਵਾਂ ਅਤੇ ਆਈ.ਐਮ.ਏ ਨੇ ਵੀ ਅੱਗੇ ਆ ਕੇ ਹੜ੍ਹ ਪੀੜਤਾਂ ਦੀ ਬਾਂਹ ਫੜੀ ਹੈ, ਜਿਸ ਨਾਲ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ਮੁੱਖ ਮੰਤਰੀ, ਕੈਬਨਿਟ ਮੰਤਰੀ, ਵਿਧਾਇਕ ਤੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਸਮੁੱਚੇ ਸਰਕਾਰੀ ਤੰਤਰ ਨੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਲਗਾਤਾਰ ਹਰ ਸੰਭਵ ਸਹਾਇਤਾ ਪਹੁੰਚਾਈ ਹੈ। ਸਿਹਤ ਮੰਤਰੀ ਹੜ੍ਹ ਪ੍ਰਭਾਵਿਤ ਹਲਕਿਆਂ ਵਿਚ ਸਿਹਤ ਵਿਭਾਗ ਵਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਿਥੇ ਵੀ ਜਰੂਰਤ ਪਈ ਹੈ, ਉਥੇ ਸਿਹਤ ਵਿਭਾਗ ਦੀਆਂ ਟੀਮਾਂ ਐਂਬੂਲੈਂਸਾਂ ਅਤੇ ਦਵਾਈਆਂ ਆਦਿ ਸਮੇਤ ਪਹੁੰਚੀਆਂ ਹਨ ਅਤੇ ਲੋੜਵੰਦਾਂ ਦਾ ਇਲਾਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਆਈ.ਐਮ.ਏ ਨੇ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾਉਂਦਿਆਂ ਅੱਗੇ ਹੋ ਕੇ ਐਂਬੂਲੈਂਸਾਂ, ਕਲੋਰੀਨ ਦੀਆਂ ਗੋਲੀਆਂ, ਦਵਾਈਆਂ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਕੋਲ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਦਵਾਈਆਂ ਦੇ ਸਟਾਕ, ਐਂਬੂਲੈਂਸਾਂ, ਸਟਾਫ਼ ਅਤੇ ਹੋਰ ਸਾਜ਼ੋ-ਸਾਮਾਨ ਦੀ ਸਮੀਖਿਆ ਵੀ ਕੀਤੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਅਗਲੀ ਚੁਨੌਤੀ ਹੜ੍ਹ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨਾਲ ਟਾਕਰਾ ਕਰਨ ਦੀ ਹੈ, ਜਿਸ ਤਹਿਤ ਲੋਕਾਂ ਨੂੰ ਸਾਫ਼-ਪਾਣੀ ਅਤੇ ਤਾਜ਼ਾ ਖਾਣਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹੈਜ਼ੇ ਵਰਗੀਆਂ ਬਿਮਾਰੀਆਂ ਪੈਦਾ ਹੀ ਨਾ ਹੋ ਸਕਣ। ਇਸੇ ਤਰ੍ਹਾਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਨਗੂਨੀਆਂ ਅਤੇ ਮਲੇਰੀਆ ਆਦਿ ਤੋਂ ਲੋਕਾਂ ਨੂੰ ਬਚਾਉਣ ਸਰਕਾਰ ਅਤੇ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਜਿਨ੍ਹਾਂ ਕੋਲ ਜਲ ਸਪਲਾਈ, ਮਾਲ ਅਤੇ ਆਫ਼ਤ ਪ੍ਰਬੰਧਨ ਵਰਗੇ ਮਹੱਤਵਪੂਰਨ ਵਿਭਾਗ ਹਨ, ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਪੀਣ ਵਾਲੇ ਪੀਣੀ ਦੀ ਲੀਕੇਜ ਸਬੰਧੀ ਮਾਮਲੇ ਸਾਹਮਣੇ ਆਏ ਹਨ, ਉਥੇ ਤੁਰੰਤ ਕਾਰਵਾਈ ਕਰਦਿਆਂ ਇਸ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੀ ਮੌਜੂਦਾ ਸਥਿਤੀ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਫਿਲਹਾਲ ਜ਼ਿਲ੍ਹੇ ਵਿਚ ਕੋਈ ਸੰਕਟ ਵਾਲੀ ਗੱਲ ਨਹੀਂ ਹੈ, ਪਰੰਤੂ ਫ਼ਿਰ ਵੀ ਸਾਡੀ ਪੂਰੀ ਤਰ੍ਹਾਂ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਗੜ੍ਹਸ਼ੰਕਰ, ਦਸੂਹਾ ਅਤੇ ਟਾਂਡਾ ਦੇ ਕੁਝ ਇਲਾਕਿਆਂ ਵਿਚ ਪਾਣੀ ਭਰਿਆ ਸੀ, ਜਿਸ ’ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ। ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਸਿਹਤ ਵਿਭਾਗ ਕੋਲ ਸਟਾਫ, ਐਂਬੂਲੈਂਸਾਂ, ਕਲੋਰੀਨ ਦੀਆਂ ਗੋਲੀਆਂ ਅਤੇ ਦਵਾਈਆਂ ਆਦਿ ਦਾ ਪੂਰਾ ਸਟਾਕ ਮੌਜੂਦ ਹੈ।
ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਵਿਧਾਨ ਸਭਾ ਇੰਚਾਰਜ ਮੁਕੇਰੀਆਂ ਪ੍ਰੋ: ਜੀ.ਐਸ.ਮੁਲਤਾਨੀ, ਲੋਕ ਸਭਾ ਇੰਚਾਰਜ ਹਰਵਿੰਦਰ ਸਿੰਘ ਬਖਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਤੋਂ ਇਲਾਵਾ ਆਈ.ਐਮ.ਏ, ਐਨ.ਜੀ.ਓਜ਼, ਕੈਮਿਸਟ ਐਸੋਸੀਏਸ਼ਨ ਅਤੇ ਹੋਰਨਾਂ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।