ਮੀਤ ਹੇਅਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਲਈ 82 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟ ਦਾ ਉਦਘਾਟਨ
ਨਹਿਰੀ ਪਾਣੀ ਕਰੀਬ 50 ਹਜ਼ਾਰ ਏਕੜ ਰਕਬੇ ਤੱਕ ਪਹੁੰਚ ਜਾਵੇਗਾ
ਹੰਡਿਆਇਆ ਸਮੇਤ ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਵੱਡੀ ਗਿਣਤੀ ਪਿੰਡਾਂ ਨੂੰ ਲਾਭ ਮਿਲੇਗਾ
ਦਾਅਵਾ ਕੀਤਾ ਕਿ ‘ਆਪ’ ਸਰਕਾਰ ਦੇ ਢਾਈ ਸਾਲਾਂ ਵਿੱਚ ਨਹਿਰੀ ਪਾਣੀ ਦੀ ਵਰਤੋਂ ਵਿੱਚ 40 ਫੀਸਦੀ ਵਾਧਾ ਹੋਇਆ ਹੈ
ਬਰਨਾਲਾ : MP ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਨਹਿਰੀ ਪਾਣੀ ਦੀ ਵਰਤੋਂ ਵਿੱਚ 40 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਰਜਵਾਹਾ ਸਿਸਟਮ ਅਧੀਨ ਹੰਡਿਆਇਆ ਮਾਈਨਰ ਦੀ ਕੰਕਰੀਟ ਰੀਲਾਈਨਿੰਗ ਦੇ 82 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਅੱਜ ਹੰਡਿਆਇਆ ਵਿਖੇ ਉਦਘਾਟਨ ਕੀਤਾ ਗਿਆ ਹੈ, ਜਿਸ ਨਾਲ ਨਹਿਰੀ ਪਾਣੀ ਦੀ ਸਮਰੱਥਾ ਵਿੱਚ ਵਾਧਾ ਕਰਕੇ ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਪਿੰਡਾਂ ਨੂੰ ਲਾਭ ਮਿਲੇਗਾ।
ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ’ਤੇ ਜ਼ੋਰ ਨਾ ਦੇਣ ਕਾਰਨ ਪੰਜਾਬ ਵਿੱਚ ਪਾਣੀ ਦੀ ਵਰਤੋਂ ਘੱਟ ਅਤੇ ਪਾਣੀ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੂੰ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਲੰਘਦੇ ਨਹਿਰੀ ਪਾਣੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ, ਜੋ ਕਿ ਮੌਜੂਦਾ ਸਰਕਾਰ ਦੇ ਪ੍ਰੋਜੈਕਟਾਂ ਰਾਹੀਂ ਕੀਤਾ ਜਾ ਰਿਹਾ ਹੈ। ਅੱਜ ਇਸ ਪ੍ਰਾਜੈਕਟ ਦੇ ਉਦਘਾਟਨ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ 40 ਕਿਲੋਮੀਟਰ ਲੰਬੇ ਇਸ ਕਰੋੜਾਂ ਰੁਪਏ ਦੇ ਪ੍ਰਾਜੈਕਟ ਤਹਿਤ 20 ਫੀਸਦੀ ਹੋਰ ਨਹਿਰੀ ਪਾਣੀ ਖੇਤਾਂ ਤੱਕ ਪਹੁੰਚੇਗਾ, ਜਿਸ ਨਾਲ ਕਰੀਬ 50 ਹਜ਼ਾਰ ਏਕੜ ਰਕਬਾ ਆਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਵਿੱਚੋਂ 168 ਕਿਊਸਿਕ ਪਾਣੀ ਛੱਡਿਆ ਜਾਂਦਾ ਸੀ ਜਦੋਂਕਿ ਹੁਣ 202 ਕਿਊਸਿਕ ਪਾਣੀ ਛੱਡਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਬਰਨਾਲਾ ਜ਼ਿਲ੍ਹੇ ਦੇ ਹੰਡਿਆਇਆ, ਫਰਵਾਹੀ, ਧਨੌਲਾ ਖੁਰਦ, ਸੇਖਾ, ਖੁੱਡੀ ਖੁਰਦ, ਸੰਘੇੜਾ, ਕਰਮਗੜ੍ਹ, ਨੰਗਲ ਆਦਿ ਅਤੇ ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਦੇ 50 ਹਜ਼ਾਰ ਏਕੜ ਰਕਬੇ ਵਿੱਚ 20 ਫੀਸਦੀ ਹੋਰ ਨਹਿਰੀ ਪਾਣੀ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਨਾਲਾ ਜ਼ਿਲ੍ਹੇ ਨੂੰ ਕਰੋੜਾਂ ਰੁਪਏ ਦੇ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ ਹਨ। ਇਸ ਤੋਂ ਪਹਿਲਾਂ ਹਰ ਪਿੰਡ ਅਤੇ ਹਰ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਕਰੀਬ 300 ਕਰੋੜ ਰੁਪਏ ਦਾ ਨਹਿਰੀ ਕੰਮ ਕੀਤਾ ਜਾ ਚੁੱਕਾ ਹੈ। ਉਨ੍ਹਾਂ ਜਿੱਥੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਬਰਨਾਲਾ ਵਾਸੀਆਂ ਨੂੰ ਵੀ ਵਧਾਈ ਦਿੱਤੀ।