ਬਠਿੰਡਾ ਵਿੱਚ ਸਾਬਕਾ ਪੁਲਿਸ ਇੰਸਪੈਕਟਰ ਦੀ ਗੋਲੀਆਂ ਮਾਰਕੇ ਹੱਤਿਆ
ਅਸ਼ੋਕ ਵਰਮਾ
ਬਠਿੰਡਾ 20 ਦਸੰਬਰ 2024 :ਬਠਿੰਡਾ ਸ਼ਹਿਰ ਵਿੱਚ ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਓਮ ਪ੍ਰਕਾਸ਼ ਵਜੋਂ ਹੋਈ ਹੈ, ਜੋ ਬਤੌਰ ਇੰਸਪੈਕਟਰ ਪੰਜਾਬ ਪੁਲਸ 'ਚੋਂ ਸੇਵਾ ਮੁਕਤ ਹੋਣ ਤੋਂ ਬਾਅਦ ਮੌਜੂਦਾ ਸਮੇਂ ਦੌਰਾਨ ਡੀ.ਡੀ. ਟਾਵਰ ਮਿੱਤਲ ਵਿਖੇ ਰਹਿ ਰਹੇ ਸਨ। ਸੂਤਰ ਦੱਸਦੇ ਹਨ ਕਿ ਉਨ੍ਹਾਂ ਦਾ ਪਰਿਵਾਰਕ ਮੈਂਬਰਾਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਪਰ ਸਰਕਾਰੀ ਤੌਰ ਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਜਾਂਚ ਵਿੱਢ ਦਿੱਤੀ ਹੈ।
ਕਤਲ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਡੀਐਸਪੀ ਸਿਟੀ ਨਰਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁਢਲੇ ਤੌਰ ਤੇ ਸਾਹਮਣੇ ਆਈ ਜਾਣਕਾਰੀ ਮੁਤਾਬਿਕ ਓਮ ਪ੍ਰਕਾਸ਼ ਤੇ ਇਹ ਹਮਲਾ ਉਸ ਵੇਲੇ ਹੋਇਆ, ਜਦੋਂ ਉਹ ਨੇੜੇ ਇਕ ਦੁਕਾਨ ਤੋਂ ਦੁੱਧ ਲੈਣ ਲਈ ਗਏ ਸਨ। ਜਾਣਕਾਰੀ ਮੁਤਾਬਕ ਕਾਤਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ, ਜੋ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋਣ 'ਚ ਕਾਮਯਾਬ ਹੋ ਗਏ। ਪੁਲਿਸ ਨੇ ਨਜ਼ਦੀਕ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।