ਸੁਸਾਸ਼ਨ ਸਪਤਾਹ ਤਹਿਤ ਕਰਵਾਈ ਗਈ ਜ਼ਿਲ੍ਹਾ ਪੱਧਰੀ ਪ੍ਰਸਾਰ ਵਰਕਸ਼ਾਪ
ਸਾਬਕਾ ਆਈ.ਏ.ਐੱਸ. ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ‘ਗੁੱਡ ਗਵਰਨੈਂਸ’ ਦੇ ਗੁਰ ਦੱਸੇ
ਜ਼ਿਲ੍ਹਾ ਪ੍ਰਸ਼ਾਸਨ ਜਨਤਾ ਨੂੰ ਗੁੱਡ ਗਵਰਨੈਂਸ ਦੇਣ ਲਈ ਵਚਨਬੱਧ - ਡਿਪਟੀ ਕਮਿਸ਼ਨਰ
ਰੋਹਿਤ ਗੁਪਤਾ
ਗੁਰਦਾਸਪੁਰ, 23 ਦਸੰਬਰ 2024 : ਦੇਸ਼ ਭਰ ਵਿੱਚ 19 ਤੋਂ 24 ਦਸੰਬਰ ਤੱਕ ਮਨਾਏ ਜਾ ਰਹੇ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਪੱਧਰੀ ਪ੍ਰਸਾਰ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਅਧਿਕਾਰੀਆਂ ਨੂੰ ਗੁੱਡ ਗਵਰਨੈਂਸ ਦੇ ਗੁਰ ਦੱਸਣ ਲਈ ਸਾਬਕਾ ਆਈ.ਏ.ਐੱਸ. ਅਧਿਕਾਰੀ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜਨਾਬ ਮੁਹੰਮਦ ਇਸ਼ਫ਼ਾਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸਾਬਕਾ ਆਈ.ਏ.ਐੱਸ. ਅਧਿਕਾਰੀ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਹਿਣ ਤੋਂ ਇਲਾਵਾ ਹੋਰ ਉੱਚ ਪ੍ਰਸ਼ਾਸਨਿਕ ਅਹੁਦਿਆਂ ਉੱਪਰ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਮੌਜੂਦਾ ਸਮੇਂ ਉਹ ਸੂਬਾ ਪੱਧਰ 'ਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸੇ ਤਰਾਂ ਸਾਬਕਾ ਆਈ.ਏ.ਐੱਸ. ਅਧਿਕਾਰੀ ਜਨਾਬ ਮੁਹੰਮਦ ਇਸ਼ਫ਼ਾਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸੇਵਾਵਾਂ ਨਿਭਾਉਣ ਤੋਂ ਇਲਾਵਾ 10 ਫਰਵਰੀ 2020 ਤੋਂ 29 ਨਵੰਬਰ 2022 ਤੱਕ ਦੇ ਸਮੇਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਰਹੇ ਹਨ। ਮੌਜੂਦਾ ਸਮੇਂ ਉਹ ਭਾਰਤ ਸਰਕਾਰ ਦੇ ਜਲ ਸਪਲਾਈ ਮੰਤਰਾਲੇ ਵਿੱਚ ਸਲਾਹਕਾਰ ਵਜੋਂ ਸੇਵਾਵਾਂ ਨਿਭਾ ਰਹੇ ਹਨ।
‘ਸੁਸਾਸ਼ਨ ਸਪਤਾਹ’ ਮੌਕੇ ਲਗਾਈ ਗਈ ਇਸ ਵਰਕਸ਼ਾਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਿਯੋਤਸਨਾ ਸਿੰਘ, ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ ਸ੍ਰੀਮਤੀ ਵੀਰਪਾਲ ਕੌਰ ਤੋਂ ਇਲਾਵਾ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਗੁੱਡ ਗਵਰਨੈਂਸ ਬਾਰੇ ਗੱਲ ਕਰਦਿਆਂ ਮੁੱਖ ਮਹਿਮਾਨ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਬਤੌਰ ਸਰਕਾਰੀ ਅਧਿਕਾਰੀ ਸਾਡਾ ਇਹ ਇਖ਼ਲਾਕੀ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਾਈਏ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਬਿਨਾਂ ਕਿਸੇ ਭੇਦ-ਭਾਵ ਦੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹਰ ਅਧਿਕਾਰੀ ਤੇ ਕਰਮਚਾਰੀ ਨੂੰ ਲੋਕਾਂ ਦੇ ਦਰਦ ਨੂੰ ਸਮਝਣਾ ਚਾਹੀਦਾ ਹੈ ਅਤੇ ਕੋਈ ਵੀ ਵਿਅਕਤੀ ਸਰਕਾਰੀ ਦਫ਼ਤਰਾਂ ਵਿੱਚ ਖ਼ੱਜਲ਼-ਖ਼ੁਆਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵਿਸ਼ਵਾਸ-ਬਹਾਲੀ ਕਾਇਮ ਕਰਨੀ ਚਾਹੀਦੀ ਹੈ ਅਤੇ ਲੋਕ ਹਿਤ ਵਿੱਚ ਫ਼ੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੁੱਡ ਗਵਰਨੈਂਸ ਦੇਣਾ ਸਾਡਾ ਮੁੱਢਲਾ ਫ਼ਰਜ਼ ਹੈ ਅਤੇ ਇਸ ਵਿੱਚ ਕੋਈ ਕੁਤਾਹੀ ਨਹੀਂ ਕਰਨੀ ਚਾਹੀਦੀ। ਇਸ ਮੌਕੇ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਆਪਣੀ ਸੇਵਾ ਦੌਰਾਨ ਲਈ ਯਾਦਾਂ ਨੂੰ ਅਧਿਕਾਰੀਆਂ ਨਾਲ ਸਾਂਝਾ ਵੀ ਕੀਤਾ।
ਇਸ ਮੌਕੇ ਵੀਡੀਓ ਕਾਨਫ਼ਰੰਸ ਰਾਹੀਂ ਜੁੜੇ ਸਾਬਕਾ ਆਈ.ਏ.ਐੱਸ. ਅਧਿਕਾਰੀ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਲੈਣ ਆਉਣ ਵਾਲੇ ਹਰ ਵਿਅਕਤੀ ਨੂੰ ਮਾਣ-ਸਤਿਕਾਰ ਦੇਣਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਦਾ ਪੈਸਾ ਅਤੇ ਸਮਾਂ ਬਰਬਾਦ ਨਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕ ਸੇਵਕ ਬਣ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬੜੇ ਵਿਸਥਾਰ ਨਾਲ ਗੁੱਡ ਗਵਰਨੈਂਸ ਦੇਣ ਦਾ ਪਾਠ ਪੜ੍ਹਾਇਆ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਗੁਰਦਾਸਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਨਿਭਾਈ ਸੇਵਾਵਾਂ ਦੌਰਾਨ ਆਪਣੀਆਂ ਯਾਦਾਂ ਅਤੇ ਤਜ਼ਰਬਿਆਂ ਨੂੰ ਸਾਂਝਾ ਕੀਤਾ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਮੁੱਖ ਮਹਿਮਾਨ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜਨਾਬ ਮੁਹੰਮਦ ਇਸ਼ਫ਼ਾਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਗੁੱਡ ਗਵਰਨੈਂਸ ਸਬੰਧੀ ਜੋ ਕੀਮਤੀ ਸੁਝਾਅ ਦਿੱਤੇ ਗਏ ਹਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਲਾਗੂ ਕਰਕੇ ਲੋਕਾਂ ਨੂੰ ਹੋਰ ਵਧੀਆ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 40 ਸੇਵਾ ਕੇਂਦਰ ਕੰਮ ਕਰ ਰਹੇ ਹਨ ਜਿਨ੍ਹਾਂ ਰਾਹੀਂ 433 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਗੁੱਡ ਗਵਰਨੈਂਸ ਦੇਣ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਵਾਸੀ ਇਨ੍ਹਾਂ ਕੈਂਪਾਂ ਦਾ ਭਰਪੂਰ ਫ਼ਾਇਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਨਤਾ ਨੂੰ ਗੁੱਡ ਗਵਰਨੈਂਸ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਵੀ ਗੁੱਡ ਗਵਰਨੈਂਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਧੀਕ ਡਿਪਟੀ ਕਮਿਸ਼ਨਰ (ਜ) ਸ. ਹਰਜਿੰਦਰ ਸਿੰਘ ਨੇ ਵਰਕਸ਼ਾਪ ਵਿੱਚ ਉਚੇਚੇ ਤੌਰ ਸ਼ਾਮਲ ਹੋਣ ਲਈ ਸਾਬਕਾ ਆਈ.ਏ.ਐੱਸ. ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜਨਾਬ ਮੁਹੰਮਦ ਇਸ਼ਫ਼ਾਕ ਦਾ ਧੰਨਵਾਦ ਕੀਤਾ।