ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਹਮਾਇਤ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟਾਇਆ
(ਸਿਹਤਯਾਬੀ ਲਈ ਕੀਤੀ ਅਰਦਾਸ)
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,23 ਦਸੰਬਰ 2024 ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਔਜਲਾ ਦੇ ਸੱਦੇ ਤੇ ਅੱਜ ਪੂਰੇ ਪੰਜਾਬ ਵਿੱਚ ਮਾਲ ਪਟਵਾਰੀਆਂ ਨੇ ਭੁੱਖ ਹੜਤਾਲ ਤੇ ਬੈਠ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਹੜਤਾਲ ਕੀਤੀ, ਉੱਥੇ ਹੀ ਕਪੂਰਥਲਾ ਜ਼ਿਲ੍ਹੇ ਵਿੱਚ ਵੀ ਪ੍ਰਧਾਨ ਅਮਰਬੀਰ ਸਿੰਘ ਸਭਰਾ ਦੀ ਅਗਵਾਈ ਹੇਠ ਸਮੁੱਚੇ ਪਟਵਾਰੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣੇ ਦਫ਼ਤਰਾਂ ਵਿੱਚ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।ਇਸ ਸਬੰਧੀ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਬੀਰ ਸਿੰਘ ਸਭਰਾ ਅਤੇ ਸੂਬਾਈ ਆਗੂ ਪਟਵਾਰੀ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਨੇ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਅਤੇ ਮਾਲ ਵਿਭਾਗ ਦਾ ਬਹੁਤ ਗੂੜ੍ਹਾ ਰਿਸ਼ਤਾ ਹੈ ਅਤੇ ਕਿਸਾਨੀ ਪੰਜਾਬ ਦਾ ਧੁਰਾ ਹੈ। ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੇ ਮਿਹਨਤ ਨਾਲ ਦੇਸ਼ ਵਿਚੋਂ ਭੁੱਖਮਰੀ ਨੂੰ ਦੂਰ ਕੀਤਾ ਅਤੇ ਹਰੀ ਕ੍ਰਾਂਤੀ ਲਿਆਉਣ ਵਿੱਚ ਮੋਹਰੀ ਰੋਲ ਅਦਾ ਕੀਤਾ। ਪਿਛਲੇ ਸਮੇਂ ਵਿੱਚ ਕਿਸਾਨਾਂ ਮਜ਼ਦੂਰਾਂ ਦਾ ਦਿੱਲੀ ਦੀਆਂ ਸਰਹੱਦਾਂ ਤੇ ਲੰਬਾ ਸਮਾਂ ਅੰਦੋਲਨ ਚੱਲਿਆ ਜਿਸ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ। ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਮੇਂ ਸਮੇਂ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਆਪੋ ਆਪਣੇ ਤਰੀਕੇ ਸੰਘਰਸ਼ ਕੀਤਾ ਜਾਂਦਾ ਰਿਹਾ। ਹੁਣ ਪਿਛਲੇ 25 ਦਿਨ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਸੰਭੂ ਬੈਰੀਅਰ ਤੇ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਹਨ। ਪ੍ਰੰਤੂ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਰਕਾਰਾਂ ਵੱਲੋਂ ਗੱਲਬਾਤ ਦਾ ਕੋਈ ਵੀ ਰਸਤਾ ਨਹੀਂ ਅਪਣਾਇਆ ਜਾ ਰਿਹਾ ਅਤੇ ਮੰਗਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੀ ਉਮਰ ਲਗਭਗ 70 ਸਾਲ ਦੇ ਕਰੀਬ ਹੈ ਅਤੇ ਉਹ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਵੀ ਪੀੜਤ ਹਨ। ਕਿਸਾਨੀ ਮਜ਼ਦੂਰੀ ਦੀਆਂ ਮੰਗਾਂ ਖ਼ਾਤਰ ਆਪਣੀ ਜ਼ਿੰਦਗੀ ਨੂੰ ਦਾਅ ਤੇ ਲਾ ਕੇ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਲੋੜ ਪਈ ਤਾਂ ਰੈਵੇਨਿਊ ਪਟਵਾਰ ਯੂਨੀਅਨ ਕਲ਼ਮ ਛੋੜ ਹੜਤਾਲ ਕਰਕੇ ਕਿਸਾਨਾਂ ਦੇ ਹੱਕ ਵਿੱਚ ਨਿਤਰੇਗੀ।ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਸੁਲਤਾਨਪੁਰ ਲੋਧੀ, ਰਮਨਦੀਪ ਸਿੰਘ ਪ੍ਰਧਾਨ, ਅਮਨਦੀਪ ਸਿੰਘ, ਖਜ਼ਾਨਚੀ ਰਣਜੀਤ ਸਿੰਘ, ਸਕੱਤਰ ਮਨਦੀਪ ਸਿੰਘ, ਅਮਨਦੀਪ ਸਿੰਘ, ਲਵਪ੍ਰੀਤ ਸਿੰਘ, ਰਾਜਨਬੀਰ ਸਿੰਘ ਅਟਵਾਲ ਆਦਿ ਹਾਜ਼ਰ ਸਨ।