ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼
ਰੋਹਿਤ ਗੁਪਤਾ
ਬਟਾਲਾ, 23 ਦਸੰਬਰ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਵਲੋਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲ ਸੁਣਕੇ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਜਾਂਦੀਆਂ ਹਨ ਅਤੇ ਉਨਾਂ ਦੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਲੋਕ ਜਦ ਦਫਤਰਾਂ ਵਿੱਚ ਆਪਣਾ ਕੰਮ ਕਰਵਾਉਣ ਜਾਣ ਤਾਂ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨਾਂ ਅੱਗੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। ਉਨਾਂ ਅੱਗੇ ਕਿਹਾ ਕਿ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਉਨਾਂ ਦੀ ਪ੍ਰਮੁੱਖਤਾ ਹੈ ਅਤੇ ਲੋਕਾਂ ਦੀ ਸੇਵਾ ਵਿੱਚ, ਉਹ 24 ਘੰਟੇ ਹਾਜ਼ਰ ਹਨ।