MLA ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਨੇ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ
* ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ ਵਿਕਾਸ ਪ੍ਰਦਰਸ਼ਨੀ-ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, 25 ਦਸੰਬਰ 2024 - ਸ਼ਹੀਦੀ ਸਭਾ ਦੇ ਪਹਿਲੇ ਦਿਨ ਵਿਧਾਇਕ ਐਡਵੋਕੇਟ ਸ. ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਵਿਕਾਸ ਅਤੇ ਆਪਣੀਆਂ ਗਤੀਵਿਧੀਆਂ ਨੂੰ ਦਰਸਾਉਂਦੀਆਂ ਅਤੇ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਵੱਖ-ਵੱਖ ਸਟਾਲਾਂ 'ਤੇ ਜਾ ਕੇ ਲਗਾਈਆਂ ਪ੍ਰਦਰਸ਼ਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗਾਂ ਦੇ ਕੰਮਕਾਜ਼ ਦੀ ਸ਼ਲਾਘਾ ਕੀਤੀ।
ਵਿਧਾਇਕ ਲਖਵੀਰ ਸਿੰਘ ਰਾਏ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਲੱਖਾਂ ਸ਼ਰਧਾਲੂ ਦੇਸ਼ ਤੇ ਵਿਦੇਸ਼ਾਂ ਵਿੱਚੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਆਉਂਦੇ ਹਨ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਈ ਗਈ ਇਹ ਪ੍ਰਦਰਸ਼ਨੀ ਸੰਗਤ ਨੂੰ ਸਰਕਾਰੀ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇੱਥੇ ਬਹੁਤ ਸਾਰੀਆਂ ਕੰਪਨੀਆਂ, ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਵੱਲੋਂ ਆਪਣੇ ਉਤਪਾਦ ਵੀ ਲਿਆਂਦੇ ਗਏ ਹਨ, ਜੋ ਕਿ ਲੋਕਾਂ ਲਈ ਲਾਹੇਵੰਦ ਸਾਬਤ ਹੋ ਸਕਦੇ ਹਨ।
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ਹੀਦੀ ਸਭਾ ਮੌਕੇ ਸੰਗਤਾਂ ਦਾ ਵੱਡਾ ਇਤਿਹਾਸਕ ਇਕੱਠ ਹੁੰਦਾ ਹੈ ਅਤੇ ਇਸ ਮੌਕੇ ਆਯੋਜਿਤ ਵਿਸ਼ਾਲ ਪ੍ਰਦਰਸ਼ਨੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਅਹਿਮ ਸਾਬਤ ਹੁੰਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਰਾਹੀਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਸਮੇਤ ਉਨਤ ਖੇਤੀ ਲਈ ਨਵੀਂਆਂ ਤਕਨੀਕਾਂ ਤੇ ਨਵੀਂ ਮਸ਼ੀਨਰੀ ਬਾਰੇ ਇੱਥੇ ਪੁੱਜਣ ਵਾਲਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ।
ਇਸ ਪ੍ਰਦਰਸ਼ਨੀ ਦੌਰਾਨ ਖੇਤੀਬਾੜੀ, ਮੱਛੀ ਪਾਲਣ, ਬਾਗਬਾਨੀ, ਡੇਅਰੀ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਣ ਵਿਭਾਗ, ਸਿਹਤ ਵਿਭਾਗ, ਪਸ਼ੂ ਪਾਲਣ, ਪੇਡਾ, ਜੰਗਲਾਤ, ਸਹਿਕਾਰਤਾ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸਮੇਤ ਵੱਖ-ਵੱਖ ਬੈਂਕਾਂ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਨੇ ਇਸ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਮੌਕੇ ਆਪਣੇ ਸਟਾਲ ਲਗਾਏ ਅਤੇ ਆਮ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ। ਵੱਡੀ ਗਿਣਤੀ ਸੰਗਤ ਨੇ ਇਸ ਪ੍ਰਦਰਸ਼ਨੀ ਵਿੱਚ ਪੁੱਜਕੇ ਇਸਦਾ ਲਾਭ ਉਠਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਆਮ ਆਦਮੀ ਪਾਰਟੀ ਦੇ ਅਮਰਿੰਦਰ ਸਿੰਘ ਮੰਡੋਫਲ, ਪਾਵੇਲ ਹਾਂਡਾ, ਤਰਸੇਮ ਉੱਪਲ, ਸਤੀਸ਼ ਲਟੌਰ, ਰਾਜੇਸ਼ ਉੱਪਲ, ਪ੍ਰਿਤਪਾਲ ਸਿੰਘ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।