ਹਾਜ਼ਰੀ ਨਾ ਲਾਉਣ ਖਿਲਾਫ਼ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਦਫਤਰ ਦਾ ਘਿਰਾਓ
ਅਸ਼ੋਕ ਵਰਮਾ
ਬਠਿੰਡਾ, 26 ਦਸੰਬਰ 2024: ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੌਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੂੰ ਹਾਜ਼ਰੀ ਲਗਾਉਣ ਤੋਂ ਰੋਕਣ ਤੇ ਅੱਜ ਮੁਲਾਜ਼ਮਾਂ ਵੱਲੋਂ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ ਕੀਤਾ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਨਾਅਰੇਬਾਜੀ ਕੀਤੀ। ਆਗੂਆਂ ਨੇ ਕਿਹਾ ਕਿ ਹੁਣ ਮੁਲਾਜ਼ਮ ਅਫਸਰਾਂ ਦੀਆਂ ਇੰਨ੍ਹਾ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ ਅਤੇ ਜੇਕਰ ਜ਼ਿਲ੍ਹਾ ਸਿੱਖਿਆ ਅਫਸਰ ਨੇ ਹਾਜ਼ਰੀ ਲਗਵਾਉਣੀ ਸ਼ੁਰੂ ਨਾ ਕੀਤੀ ਤਾਂ ਅਧਿਕਾਰੀਆਂ ਨੂੰ ਵੀ ਦਫ਼ਤਰ ਨਹੀਂ ਵੜਨ ਦੇਣਗੇ।
ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਦੀਪਕ ਬਾਂਸਲ, ਰਮਿੰਦਰ ਸਿੰਘ, ਸ਼ੇਰ ਸਿੰਘ, ਸੁਖਚਰਨ ਸਿੰਘ, ਪਰਦੀਪ ਕੁਮਾਰ ਆਦਿ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 6 ਨਵੰਬਰ ਨੂੰ ਮੀਟਿੰਗ ਕਰਕੇ ਅਧਿਕਾਰੀਆ ਇਕ ਮਹੀਨੇ ਅੰਦਰ ਅਤੇ 9 ਦਸੰਬਰ ਨੂੰ ਹੋਈ ਮੀਟਿੰਗ ਵਿੱਚ ਮੁੜ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਅੰਦਰ ਰੈਗੂਲਰ ਅਤੇ ਤਨਖਾਹ ਕਟੌਤੀ ਦਾ ਮਸਲਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਵਿੱਤ ਮੰਤਰੀ ਦੇ ਹੁਕਮਾਂ ਨੂੰ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀ ਅਣਗੋਲਿਆ ਕਰ ਰਹੇ ਹਨ।
ਆਗੂਆਂ ਨੇ ਕਿਹਾ ਕਿ ਸਘੰਰਸ਼ਾਂ ਵਿੱਚੋਂ ਨਿਕਲੀ ਪਾਰਟੀ ਦੇ ਮੰਤਰੀਆ ਨੂੰ ਮੁਲਾਜ਼ਮਾਂ ਦੇ ਸਘੰਰਸ਼ ਮਾੜੇ ਲੱਗਣ ਲੱਗ ਗਏ ਹਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਨੌਕਰੀਓ ਕੱਢਣ ਦੀਆਂ ਧਮਕੀਆਂ ਦੇਣ ਲੱਗ ਗਏ ਹਨ। ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕਾ ਪ੍ਰਣਾਲੀ ਨੂੰ ਜੜ੍ਹੋਂ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸਰਕਾਰ ਹੁਣ ਮਸਲੇ ਹੱਲ ਕਰਨ ਤੋਂ ਭੱਜਣ ਲੱਗੀ ਹੈ। ਉਹਨਾਂ ਕਿਹਾ ਕਿ ਦਫਤਰੀ ਮੁਲਾਜ਼ਮ ਪਹਿਲਾਂ ਵੀ ਦੋ ਵਾਰ ਹੜਤਾਲ ਵਾਪਿਸ ਲੈ ਚੁੱਕੇ ਹਨ ਪਰ ਹੜਤਾਲ ਵਾਪਿਸ ਲੈਣ ਉਪਰੰਤ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ਤੇ ਫਿਰ ਚੁੱਪੀ ਵੱਟ ਲੈਦਾ ਹੈ ਇਸ ਲਈ ਹੁਣ
ਮੁਲਾਜ਼ਮ ਆਪਣੀਆ ਮੰਗਾਂ ਮੰਨਵਾ ਕੇ ਹੀ ਮੁੜਨਗੇ । ਆਗੂਆਂ ਨੇ ਕਿਹਾ ਕਿ ਜੇਕਰ ਸੰਘਰਸ਼ ਦੌਰਾਨ ਕੋਈ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਇਸ ਲਈ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੋਵੇਗੀ।