ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨਾਲ ਕੀਤੀ ਮੁਲਾਕਾਤ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 27 ਦਸੰਬਰ 2024: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਸ੍ਰੀ ਜੇ.ਪੀ. ਨੱਡਾ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ’ਤੇ ਸ. ਲਾਲਪੁਰਾ ਨੇ ਸ਼੍ਰੀ ਨੱਡਾ ਨੂੰ ਆਪਣੀ ਪੁਸਤਕ ‘ਸਾਹਿਬਜ਼ਾਦੇ’ ਭੇਟ ਕੀਤੀ, ਜੋ ਸਿੱਖ ਇਤਿਹਾਸ ਦੇ ਮਹੱਤਵਪੂਰਨ ਇਤਿਹਾਸ ’ਤੇ ਰੌਸ਼ਨੀ ਪਾਉਂਦੀ ਹੈ।
ਇਸ ਮੁਲਾਕਾਤ ਦੌਰਾਨ, ਦੋਵਾਂ ਆਗੂਆਂ ਨੇ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਸ. ਲਾਲਪੁਰਾ ਨੇ ਕਮਿਸ਼ਨ ਦੁਆਰਾ ਕੀਤੀਆਂ ਵੱਖ-ਵੱਖ ਪਹਿਲਾਂ ਅਤੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਦਾ ਮਕਸਦ ਘੱਟ ਗਿਣਤੀ ਭਾਈਚਾਰਿਆਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ’ਚ ਸੁਧਾਰ ਲਿਆਉਣਾ ਹੈ।
ਪੁਸਤਕ ‘ਸਾਹਿਬਜ਼ਾਦੇ’ ਨੂੰ ਭੇਟ ਕਰਦੇ ਹੋਏ ਸ. ਲਾਲਪੁਰਾ ਨੇ ਕਿਹਾ ਕਿ, “ਇਹ ਪੁਸਤਕ ਸਾਡੇ ਮਹਾਨ ਇਤਿਹਾਸ ਅਤੇ ਸਾਡੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਕਹਾਣੀ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇੱਕ ਯਤਨ ਹੈ।
ਸ੍ਰੀ ਜੇ.ਪੀ. ਨੱਡਾ ਨੇ ਸ. ਲਾਲਪੁਰਾ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਹਮੇਸ਼ਾ ਦੇਸ਼ ਦੇ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਐਨ.ਸੀ.ਐਮ. ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੁਲਾਕਾਤ ਦੌਰਾਨ, ਭਾਜਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਹਮੇਸ਼ਾ ਘੱਟ ਗਿਣਤੀਆਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।