ਡੱਲੇਵਾਲ ਨੂੰ ਹਸਪਤਾਲ ਨਾ ਭੇਜਣ 'ਤੇ ਸੁਪਰੀਮ ਕੋਰਟ ਵੱਲੋਂ ਕਿਸਾਨ ਆਗੂਆਂ ਨੂੰ ਫਟਕਾਰ
ਚੰਡੀਗੜ੍ਹ, 28 ਦਸੰਬਰ 2024: ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਝਾੜ ਪਾਈ ਜੋ ਡੱਲੇਵਾਲ ਦੀ ਵਿਗੜਦੀ ਸਿਹਤ ਕਾਰਨ ਉਨ੍ਹਾਂ ਨੂੰ ਹਸਪਤਾਲ ਨਹੀਂ ਜਾਣ ਦੇ ਰਹੇ।
ਜਸਟਿਸ ਸੂਰਿਆ ਕਾਂਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਕਿਰਪਾ ਕਰ ਕੇ ਉਨ੍ਹਾਂ ਨੂੰ ਦੱਸੋ ਕਿ ਜੋ ਲੋਕ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦਾ ਵਿਰੋਧ ਕਰ ਰਹੇ ਹਨ, ਉਹ ਉਨ੍ਹਾਂ ਦੇ ਸ਼ੁਭਚਿੰਤਕ ਨਹੀਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਅਤੇ ਉਸ ਨੂੰ ਹਸਪਤਾਲ ਜਾਣ ਲਈ ਮਨਾਉਣ ਦੇ 20 ਦਸੰਬਰ ਦੇ ਹੁਕਮਾਂ ਦੀ ਪਾਲਣਾ ਸਬੰਧੀ ਪੰਜਾਬ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹੈ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡੱਲੇਵਾਲ ਨੂੰ ਸ਼ਨੀਵਾਰ ਦੁਪਹਿਰ 1 ਵਜੇ ਤੱਕ ਕਿਸੇ ਵੀ ਕੀਮਤ 'ਤੇ ਹਸਪਤਾਲ 'ਚ ਦਾਖਲ ਕਰਵਾਇਆ ਜਾਵੇ। ਪਰ ਅਜੇ ਤੱਕ ਉਸ ਨੂੰ ਹਸਪਤਾਲ ਨਹੀਂ ਭੇਜਿਆ ਗਿਆ ਹੈ।
ਪੰਜਾਬ ਦੇ ਐਡਵੋਕੇਟ ਜਨਰਲ, ਮੁੱਖ ਸਕੱਤਰ ਅਤੇ ਡੀਜੀਪੀ ਦੇ ਭਰੋਸੇ 'ਤੇ ਸੁਪਰੀਮ ਕੋਰਟ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਲਈ ਢੁਕਵੇਂ ਕਦਮ ਚੁੱਕਣ ਲਈ ਹੋਰ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਰਾਜ ਨੂੰ ਕਿਸੇ ਸਹਾਇਤਾ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਰ ਲੋੜੀਂਦੀ ਸਹਾਇਤਾ ਦੇਵੇਗੀ। ਸੁਪਰੀਮ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 31 ਦਸੰਬਰ ਨੂੰ ਕਰੇਗਾ।